ਕਣਕ ਖ਼ਰੀਦ ਮਾਪਦੰਡਾਂ ’ਚ ਤੁਰੰਤ ਢਿੱਲ ਦਿੱਤੀ ਜਾਵੇ : ਭਾਕਿਯੂ ਪੰਜਾਬ
ਭਾਕਿਯੂ ਪੰਜਾਬ ਨੇ ਕਣਕ ਖਰੀਦ ਮਾਪਦੰਡਾਂ ’ਚ ਤੁਰੰਤ ਢਿੱਲ ਦੀ ਕੀਤੀ ਮੰਗ
Publish Date: Mon, 13 Apr 2026 04:12 PM (IST)
Updated Date: Mon, 13 Apr 2026 04:16 PM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਵਿਚ ਮੀਂਹ ਤੇ ਗੜੇਮਾਰੀ ਨਾਲ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਕਿਸਾਨਾਂ ਲਈ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਸੂਬਾ ਪ੍ਰੈੱਸ ਸਕੱਤਰ ਗੈਰੀ ਸਿੰਘ ਬੰਡਾਲਾ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ ਅਤੇ ਤੁਰੰਤ ਕਣਕ ਦੀ ਖਰੀਦ ਦੇ ਪੈਮਾਨਿਆਂ ਵਿੱਚ ਢਿੱਲ ਦਿੱਤੀ ਜਾਵੇ। ਆਗੂਆਂ ਨੇ ਇਹ ਵੀ ਚਿੰਤਾ ਜਤਾਈ ਕਿ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵੱਲੋਂ 9 ਅਪ੍ਰੈਲ ਨੂੰ ਭਾਜਪਾ ਸ਼ਾਸਿਤ ਰਾਜਸਥਾਨ ਲਈ ਖਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਦਕਿ ਪੰਜਾਬ, ਜੋ ਦੇਸ਼ ਦੀ ਅੰਨ ਭੰਡਾਰ ਹੈ, ਉਸ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਰਾਜਸਥਾਨ ਵਿੱਚ ਖਰਾਬ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲਿਆ ਜਾ ਸਕਦਾ ਹੈ, ਤਾਂ ਪੰਜਾਬ ਦੇ ਕਿਸਾਨਾਂ ਨਾਲ ਇਹ ਅਣਦੇਖੀ ਕਿਉਂ? ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਤੁਰੰਤ ਪੈਮਾਨਿਆਂ ਵਿਚ ਢਿੱਲ ਨਾ ਦਿੱਤੀ ਗਈ ਤਾਂ ਕਿਸਾਨਾਂ ਨੂੰ ਮੰਡੀਆਂ ਵਿਚ ਬੇਵਜ੍ਹਾ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਵੀ ਰਾਜਸਥਾਨ ਵਾਂਗ ਹਾਲਾਤਾਂ ਨੂੰ ਸਮਝਦਿਆਂ ਖਰੀਦ ਨੀਤੀ ਵਿੱਚ ਲਚਕਤਾ ਲਿਆਂਦੀ ਜਾਵੇ। ਇਸ ਮੌਕੇ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ, ਜੁਗਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਹਰਜੀਤ ਸਿੰਘ ਗਰੇਵਾਲ ਸੂਬਾ ਮੀਤ ਪ੍ਰਧਾਨ, ਗੁਰਦੀਪ ਸਿੰਘ ਪੱਛਮੀ ਪ੍ਰਧਾਨ ਫਿਰੋਜਪੁਰ, ਜਥੇਬੰਦੀ ਦੇ ਕਈ ਸੀਨੀਅਰ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਨੇ ਇਕਜੁੱਟ ਹੋ ਕੇ ਕਿਸਾਨ ਹਿੱਤਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ।