- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਕੂਲ ਮਾਛੀਬੁਗਰਾ ਵਿਖੇ ਕਰਵਾਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

ਵਿਦਿਆਰਥੀਆਂ ਨੇ ਕਲਾ, ਸਿਰਜਣਾਤਮਕਤਾ ਅਤੇ ਪ੍ਰਤਿਭਾ ਦੇ ਦਿਖਾਏ ਜੌਹਰ, ਸਰਕਾਰੀ ਪ੍ਰਾਇਮਰੀ ਸਕੂਲ ਮਾਛੀਬੁਗਰਾ ਵਿਖੇ ਕਰਵਾਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ, ਬੀਪੀਈਓ ਅੰਮ੍ਰਿਤਪਾਲ ਸਿੰਘ ਬਰਾੜ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਬੁਗਰਾ ਵਿਖੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਬੜੇ ਉਤਸ਼ਾਹ, ਉਮੰਗ ਅਤੇ ਸ਼ਾਨਦਾਰ ਪ੍ਰਬੰਧਾਂ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੀ ਕਲਾ, ਸਿਰਜਣਾਤਮਕ ਸੋਚ ਅਤੇ ਵਿਲੱਖਣ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਰਾਇੰਗ, ਪੇਂਟਿੰਗ, ਲਿਖਣ, ਬੈਸਟ ਆਊਟ ਆਫ਼ ਵੇਸਟ ਅਤੇ ਸੁੰਦਰ ਲਿਖਾਈ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੀ ਕਲਪਨਾਸ਼ੀਲਤਾ ਅਤੇ ਕਲਾਤਮਕ ਯੋਗਤਾ ਰਾਹੀਂ ਸਭ ਦਾ ਧਿਆਨ ਖਿੱਚਿਆ। ਵਿਦਿਆਰਥੀਆਂ ਵੱਲੋਂ ਬੇਕਾਰ ਸਮਝੀਆਂ ਜਾਣ ਵਾਲੀਆਂ ਵਸਤਾਂ ਤੋਂ ਉਪਯੋਗੀ ਅਤੇ ਆਕਰਸ਼ਕ ਚੀਜ਼ਾਂ ਤਿਆਰ ਕਰਕੇ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਸਰੋਤਾਂ ਦੀ ਸੁਚੱਜੀ ਵਰਤੋਂ ਦਾ ਵੀ ਸੰਦੇਸ਼ ਦਿੱਤਾ ਗਿਆ।
ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨਾ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਸਰਵਪੱਖੀ ਵਿਕਾਸ ਨੂੰ ਬੜ੍ਹਾਵਾ ਦੇਣਾ ਸੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ ਬਰਾੜ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਅਕ ਮੁਕਾਬਲੇ ਬੱਚਿਆਂ ਦੀ ਸ਼ਖ਼ਸੀਅਤ ਦੇ ਨਿਖਾਰ, ਰਚਨਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ, ਤਾਂ ਜੋ ਬੱਚਿਆਂ ਦਾ ਹਰ ਪੱਖੋਂ ਵਿਕਾਸ ਹੋ ਸਕੇ।
ਇਸ ਮੌਕੇ ਕਲੱਸਟਰ ਮਾਛੀਬੁਗਰਾ ਦੇ ਸਮੂਹ ਅਧਿਆਪਕਾਂ ਵੱਲੋਂ ਬੀਪੀਈਓ ਅੰਮ੍ਰਿਤਪਾਲ ਸਿੰਘ ਬਰਾੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੀਐਚਟੀ ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਕਟਾਰੀਆ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ, ਬਲਾਕ ਰਿਸੋਰਸ ਪਰਸਨ ਜਸਵਿੰਦਰ ਪਾਲ ਸਿੰਘ ਅਤੇ ਹਰਵਿੰਦਰ ਸਿੰਘ ਸਿੱਧੂ (ਕੈਲਾਸ਼) ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਨੇ ਵੀ ਬੱਚਿਆਂ ਦਾ ਉਤਸ਼ਾਹ ਵਧਾਇਆ। ਸਮੁੱਚੇ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕਲੱਸਟਰ ਮਾਛੀਬੁਗਰਾ ਦੇ ਅਧਿਆਪਕਾਂ ਦਾ ਅਹਿਮ ਯੋਗਦਾਨ ਰਿਹਾ। ਅੰਤ ਵਿੱਚ ਸਮਾਗਮ ਉਤਸ਼ਾਹਪੂਰਨ ਅਤੇ ਯਾਦਗਾਰੀ ਮਾਹੌਲ ਵਿੱਚ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਹਾਂਡਾ, ਜਸਮੀਤ ਕੌਰ, ਪ੍ਰਿਯੰਕਾ ਰਾਣੀ, ਅਮਨਦੀਪ ਸਿੰਘ, ਅਮਨਦੀਪ ਸਿੰਘ ਫਿੱਡੇ, ਜਗਪਾਲ ਸਿੰਘ, ਸੁਭਾਸ਼ ਜੰਡ ਵਾਲਾ ਆਦਿ ਹਾਜ਼ਰ ਸਨ।