ਬਲਾਕ ਪੱਧਰੀ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਸੰਪੰਨ ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ ਵਿਖੇ ਬਲਾਕ ਪੱਧਰੀ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ
Publish Date: Fri, 20 Nov 2026 03:46 PM (IST)
Updated Date: Sat, 21 Nov 2026 04:01 AM (IST)
56 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਜੇਤੂ ਬੱਚਿਆਂ ਅਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਕੋਮਲ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ ਵਿਖੇ ਬਲਾਕ ਫ਼ਿਰੋਜ਼ਪੁਰ-2 ਦੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਬੜੇ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ। ਇਹ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਤੇ ਸੈਂਟਰ ਹੈੱਡ ਟੀਚਰ ਹਾਕੇ ਵਾਲਾ ਅੰਜੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਬਲਾਕ ਦੇ 56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਹਿੱਸਾ ਲੈ ਕੇ ਆਪਣੀ ਕਲਾ, ਪ੍ਰਤਿਭਾ ਤੇ ਸਿਰਜਣਾਤਮਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਨੂੰ ਦੋ ਵਰਗਾਂ ’ਚ ਵੰਡਿਆ ਗਿਆ ਸੀ, ਜਿਨ੍ਹਾਂ ਵਿੱਚ ਪਹਿਲੇ ਵਰਗ ਤਹਿਤ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਅਤੇ ਦੂਜੇ ਵਰਗ ਤਹਿਤ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸੁੰਦਰ ਲਿਖਾਈ, ਪਹਾੜੇ, ਲੋਕ ਗੀਤ, ਕਵਿਤਾ ਗਾਇਨ, ਬਾਲ ਗੀਤ, ਪੇਂਟਿੰਗ ਅਤੇ ਬੈਸਟ ਆਊਟ ਆਫ ਵੇਸਟ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਆਪਣੀ ਕਲਾ ਦਾ ਪ੍ਰਗਟਾਵਾ ਕਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦਾ ਵੀ ਸੁੰਦਰ ਲਿਖਾਈ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਦੀ ਸਮਾਪਤੀ ਉਪਰੰਤ ਬੀਪੀਈਓ ਰਾਜਨ ਨਰੂਲਾ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਲਾਕ ਪੱਧਰ ’ਤੇ ਜੇਤੂ ਰਹੇ ਬੱਚੇ ਆਉਣ ਵਾਲੇ ਸਮੇਂ ’ਚ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ’ਚ ਵੀ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਆਪਣੇ ਸਕੂਲ ਅਤੇ ਬਲਾਕ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਬਲਾਕ ਫ਼ਿਰੋਜ਼ਪੁਰ-2 ਦੇ ਸਮੂਹ ਸੈਂਟਰ ਹੈੱਡ ਟੀਚਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਗੁਰਮੀਤ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਮੁਕਾਬਲਿਆਂ ਲਈ ਜੱਜਾਂ ਵਜੋਂ ਨਿਯੁਕਤ ਅਧਿਆਪਕਾਂ ਨੇ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਅੰਤ ਵਿੱਚ ਬਲਾਕ ਦੇ ਸਮੂਹ ਅਧਿਆਪਕਾਂ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਇਹ ਮੁਕਾਬਲੇ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਏ।