- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਫਾਇਰਿੰਗ ਦੀ ਘਟਨਾ, ਝੜਪ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਸੰਵਾਦ ਸਹਿਯੋਗੀ, ਜਾਗਰਣ, ਮਮਦੋਟ/ਫਿਰੋਜ਼ਪੁਰ : ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਵੀਰਵਾਰ ਨੂੰ ਕਸਬਾ ਮਮਦੋਟ 'ਚ ਆਮ ਅਦਮੀ ਪਾਰਟੀ (AAP) ਅਤੇ ਕਾਂਗਰਸ ਸਮਰਥਕਾਂ ਵਿਚਕਾਰ ਵਿਵਾਦ ਹਿੰਸਕ ਝੜਪ 'ਚ ਬਦਲ ਗਿਆ। ਦੋਵਾਂ ਧਿਰਾਂ ਵਿਚਕਾਰ ਹੋਈ ਤਿੱਖੀ ਬਹਿਸ ਤੋਂ ਬਾਅਦ ਧੱਕਾ-ਮੁੱਕੀ, ਪੱਥਰਬਾਜ਼ੀ ਤੇ ਹੰਗਾਮਾ ਹੋਇਆ। ਇਸ ਦੌਰਾਨ ਫਾਇਰਿੰਗ ਦੀ ਘਟਨਾ ਵੀ ਸਾਹਮਣੇ ਆਈ, ਜਿਸ ਵਿਚ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।
ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜ਼ਖ਼ਮੀਆਂ ਨੂੰ ਪਹਿਲਾਂ ਮਮਦੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਅਸਪਤਾਲ ਰੈਫਰ ਕਰ ਦਿੱਤਾ ਗਿਆ।
ਕਾਂਗਰਸੀ ਆਗੂ ਆਸ਼ੂ ਬਾਂਗੜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ ਤੇ ਕਾਂਗਰਸੀ ਵਰਕਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰ ਰਹੇ ਹਨ ਅਤੇ ਲੋਕਤੰਤਰ ਦੀ ਹੱਤਿਆ ਕਰਨ 'ਚ ਜੁਟੇ ਹੋਏ ਹਨ। ਬਾਂਗੜ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਮੂਕਦਰਸ਼ਕ ਬਣਿਆ ਹੋਇਆ ਹੈ।
ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚ ਗਏ ਤੇ ਸਥਿਤੀ ਨੂੰ ਕੰਟਰੋਲ 'ਚ ਲਿਆ। ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਅੱਗੇ ਵੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਪੁਲਿਸ ਵੱਲੋਂ ਫਾਇਰਿੰਗ ਦੀ ਘਟਨਾ, ਝੜਪ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਕਸਬੇ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਸਥਿਤੀ ਕੰਟਰੋਲ ਵਿੱਚ ਹੋਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।