ਗੁਰੂਹਰਸਹਾਏ ਵਿੱਚ ਵੀ ਸਾੜਿਆ ਝਾੜੂ, ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ਗੁਰੂਹਰਸਹਾਏ ਵਿੱਚ ਵੀ ਸਾੜਿਆ ਝਾੜੂ, ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Publish Date: Sun, 25 Oct 2026 07:25 PM (IST)
Updated Date: Sun, 25 Oct 2026 07:28 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਅੱਜ ਗੁਰੂਹਰਸਹਾਏ ਦੇ ਪੁਲਿਸ ਸਟੇਸ਼ਨ ਚੌਂਕ ਵਿਖੇ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਆਗੂ ਜਤਿੰਦਰ ਕੰਬੋਜ ਦੀ ਅਗਵਾਈ ਹੇਠ ਝਾੜੂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਦੇਣ ਦੀ ਮੰਗ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਇਸ ਮੌਕੇ ਸੰਬੋਧਨ ਕਰਦਿਆਂ ਜਤਿੰਦਰ ਕੰਬੋਜ ਨੇ ਕਿਹਾ ਕਿ ਅੱਜ ਝਾੜੂ ਸਾੜ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਮੇਤ ਕਈ ਗੰਭੀਰ ਮੁੱਦਿਆਂ ਤੇ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਉਨ੍ਹਾਂ ਕਿਹਾ ਕਿ ਝਾੜੂ ਸਾੜਨ ਦਾ ਮਕਸਦ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਰੋਸ ਜ਼ਾਹਰ ਕਰਨਾ ਹੈ। ਜਤਿੰਦਰ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਉਨ੍ਹਾਂ ਦੇ ਮੁਤਾਬਕ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਪਾਰਟੀ ਅਜਿਹੇ ਹਾਲਾਤਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਯਤਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਾਜ਼ਿਸ਼ ਤਹਿਤ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਉਠਾਏ। ਇਸ ਰੋਸ ਪ੍ਰਦਰਸ਼ਨ ਦੌਰਾਨ ਬਲਦੇਵ ਸਿੰਘ ਨਾਗੀ, ਸੁੱਚਾ ਸਿੰਘ ਨਾਗੀ ਸਮੇਤ ਵਾਰਿਸ ਪੰਜਾਬ ਦੇ ਪਾਰਟੀ ਦੇ ਕਈ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।