ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਆਰ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਲਗਾਇਆ ਕੈਂਪ
Publish Date: Sat, 28 Nov 2026 03:58 PM (IST)
Updated Date: Sat, 28 Nov 2026 04:01 PM (IST)
ਪੰਜਾਬੀ ਜਾਗਰਣ ਰਿਪੋਰਟਰ , ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰ.ਐੱਸ. ਇੰਟਰਨੈਸ਼ਨਲ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਸੋਨੀਆ ਰਾਣਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਇੰਦੂ ਸ਼ਰਮਾ ਦੀ ਅਗਵਾਈ ਹੇਠ ਕਰੀਬ 15 ਤੋਂ 20 ਵਿਦਿਆਰਥੀਆਂ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਕੀਤੀ ਗਈ। ਇਸ ਮੌਕੇ ਚੋਣ ਸੈੱਲ ਦੇ ਨੁਮਾਇੰਦੇ ਸੱਜਣ ਕੁਮਾਰ ਅਤੇ ਨਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੱਜਣ ਕੁਮਾਰ ਅਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਕੂਲ ਵਿੱਚ ਇਹ ਕੈਂਪ ਲਗਾਇਆ ਗਿਆ ਹੈ, ਤਾਂ ਜੋ ਯੋਗ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਸਹੂਲਤ ਮਿਲ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਦੀ ਯੋਗਤਾ ਪੂਰੀ ਕਰ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਵੋਟ ਦੀ ਸਹੀ ਵਰਤੋਂ ਰਾਹੀਂ ਉਹ ਦੇਸ਼ ਦੇ ਭਵਿੱਖ ਅਤੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਲਈ ਹਰ ਯੋਗ ਨਾਗਰਿਕ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਸੋਨੀਆ ਰਾਣਾ ਅਤੇ ਵਾਈਸ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਚੋਣ ਸੈੱਲ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਸੰਵਿਧਾਨਕ ਅਤੇ ਸਮਾਜਿਕ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਰਹੇਗਾ।