- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ 24 ਸਤੰਬਰ ਨੂੰ ਕਰਨਗੇ ਫਿਰੋਜ਼ਪੁਰ ਦਾ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਹਾਟਕਰ 24 ਸਤੰਬਰ 2026 ਨੂੰ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਿਰੋਜ਼ਪੁਰ ਵਿਚ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਣ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੀਟਿੰਗਾਂ/ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਚੇਅਰਪਰਸਨ 24 ਜੁਲਾਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਨਾਲ ਹੀ ‘‘ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦਾ ਖਤਰਾ – ਮਹਿਲਾਵਾਂ ’ਤੇ ਪੈਣ ਵਾਲੇ ਬੋਝ ਨੂੰ ਸਮਝਣਾ’’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਵੱਲੋਂ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ) ਦੀਆਂ ਮਹਿਲਾ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਹ ਜੈਨਸਿਸ ਡੈਂਟਲ ਕਾਲੇਜ ਵਿਖੇ ਸ਼ੀ ਸਰਵਜ਼ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਇਹ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਸਮਰੱਥਾ ਨਿਰਮਾਣ ਅਤੇ ਕਰੀਅਰ ਮਾਰਗਦਰਸ਼ਨ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਭਾਰਤੀ ਸਸ਼ਸਤ੍ਰ ਬਲਾਂ ਅਤੇ ਰੱਖਿਆ ਸੇਵਾਵਾਂ ਵਿਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੀਆਂ ਨੌਜਵਾਨ ਮਹਿਲਾਵਾਂ ਨੂੰ ਚੋਣ ਪ੍ਰਕਿਰਿਆ ਅਤੇ ਸਿਖਲਾਈ ਦੇ ਮਾਰਗਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਚੇਅਰਪਰਸਨ ਇਸੇ ਦਿਨ ਦੁਪਹਿਰ 12.30 ਵਜੇ ਜ਼ਿਲ੍ਹਾ ਪ੍ਰੀਸ਼ਦ, ਰੇਲਵੇ ਕਾਲੋਨੀ, ਫਿਰੋਜ਼ਪੁਰ ਦੇ ਮੀਟਿੰਗ ਹਾਲ ਵਿਚ ਰਾਸ਼ਟਰੀ ਮਹਿਲਾ ਆਯੋਗ ਆਪਕੇ ਦੁਆਰ ਤਹਿਤ ਮਹਿਲਾ ਜਨ ਸੁਣਵਾਈ ਦੀ ਪ੍ਰਧਾਨਗੀ ਕਰਨਗੇ। ਇਸ ਜਨ ਸੁਣਵਾਈ ਰਾਹੀਂ ਮਹਿਲਾਵਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ, ਸੰਸਥਾਗਤ ਸਹਾਇਤਾ ਪ੍ਰਾਪਤ ਕਰਨ ਅਤੇ ਸਮੇਂ ਸਿਰ ਨਿਵਾਰਣ ਲਈ ਮੰਚ ਮੁਹੱਈਆ ਕਰਵਾਇਆ ਜਾਵੇਗਾ। ਪਹਿਲਾਂ ਤੋਂ ਦਰਜ ਮਾਮਲਿਆਂ ਤੋਂ ਇਲਾਵਾ ਮੌਕੇ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਵੀ ਸਵੀਕਾਰ ਕੀਤੀਆਂ ਜਾਣਗੀਆਂ। ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਵੀ ਦੌਰਾ ਕੀਤਾ ਜਾਵੇਗਾ। ਇਸ ਉਪਰੰਤ ਸ਼ਾਮ ਨੂੰ ਉਹ ਸਰਕਟ ਹਾਊਸ ਵਿਖੇ ਫਿਰੋਜ਼ਪੁਰ ਦੇ ਅਹੁੱਦੇਦਾਰਾਂ, ਰਾਜਨੀਤਿਕ ਲੀਡਰਾਂ, ਪ੍ਰਧਾਨਾਂ ਨਾਲ ਵੀ ਇਕ ਵਿਸ਼ੇਸ਼ ਮੀਟਿੰਗ ਕਰਨਗੇ। ਉਨ੍ਹਾਂ ਦੱਸਿਆ ਉਨ੍ਹਾਂ ਦੇ ਇਸ ਦੌਰੇ ਦਾ ਮੁੱਖ ਮਕਸਦ ਜ਼ਿਲ੍ਹੇ ਵਿਚ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਜ਼ਮੀਨੀ ਪੱਧਰ ’ਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਾ ਹੈ।