ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਕਨਵੋਕੇਸ਼ਨ ਦੌਰਾਨ ਰਾਜਪਾਲ ਨਾਲ ਸਟੇਜ ਕੀਤੀ ਸਾਂਝੀ
ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਤਕਨੀਕੀ ਸਿੱਖਿਆ ਡਾਇਰੈਕਟਰ, ਗੁਰਦਾਸਪੁਰ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਮੇਤ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਈਆ, ਗੁਰੂਹਰਸਹਾਏ ਤੋਂ ਫੌਜਾ ਸਿੰਘ ਸਰਾਰੀ ਅਤੇ ਜ਼ੀਰਾ ਤੋਂ ਨਰੇਸ਼ ਕਟਾਰੀਆ ਹਾਜ਼ਰ ਸਨ।
Publish Date: Sat, 14 Nov 2026 04:22 PM (IST)
Updated Date: Sat, 14 Nov 2026 04:27 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਫਿਰੋਜ਼ਪੁਰ ਦੀ ਇਤਿਹਾਸਕ ਧਰਤੀ ’ਤੇ ਸਥਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦਾ ਪਹਿਲਾ ਕਨਵੋਕੇਸ਼ਨ ਸਮਾਰੋਹ ਬਹੁਤ ਹੀ ਸ਼ਾਨਦਾਰ ਅਤੇ ਉਤਸ਼ਾਹਪੂਰਵਕ ਮਾਹੌਲ ਵਿੱਚ ਮਨਾਇਆ ਗਿਆ, ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਦਿਆਂ ਮੁੱਖ ਮਹਿਮਾਨ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਸਟੇਜ ਸਾਂਝੀ ਕੀਤੀ।
ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਤਕਨੀਕੀ ਸਿੱਖਿਆ ਡਾਇਰੈਕਟਰ, ਗੁਰਦਾਸਪੁਰ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਮੇਤ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਈਆ, ਗੁਰੂਹਰਸਹਾਏ ਤੋਂ ਫੌਜਾ ਸਿੰਘ ਸਰਾਰੀ ਅਤੇ ਜ਼ੀਰਾ ਤੋਂ ਨਰੇਸ਼ ਕਟਾਰੀਆ ਹਾਜ਼ਰ ਸਨ।
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਗ੍ਰੈਜੂਏਟ ਹੋਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸਟਾਫ਼ ਨੂੰ ਦਿਲੀ ਮੁਬਾਰਕਬਾਦ ਦਿੱਤੀ। ਆਪਣੇ ਸੰਬੋਧਨ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2021 ਵਿੱਚ ਸਥਾਪਿਤ ਇਹ 98 ਏਕੜ ਵਿੱਚ ਫੈਲੀ ਯੂਨੀਵਰਸਿਟੀ ਇੱਕ ਸਮੇਂ ਬੰਦ ਹੋਣ ਦੇ ਕਿਨਾਰੇ 'ਤੇ ਪਹੁੰਚ ਗਈ ਸੀ ਪਰ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਫੰਡ ਜਾਰੀ ਕਰਕੇ ਇਸਨੂੰ ਮੁੜ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਗਿਆ ਹੈ। ਅੱਜ ਇਸ ਯੂਨੀਵਰਸਿਟੀ ’ਚ ਕਰੀਬ 2600 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਬਾਰਡਰ ਏਰੀਏ ਦੇ ਨੌਜਵਾਨਾਂ ਲਈ ਇਹ ਸੰਸਥਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿਰਫ਼ ਨੌਕਰੀਆਂ ਲੱਭਣ ਵਾਲੇ ਹੀ ਨਾ ਬਣਨ, ਸਗੋਂ ਆਪਣੇ ਕਾਰੋਬਾਰ ਅਤੇ ਉੱਦਮਾਂ ਰਾਹੀਂ ਨੌਕਰੀਆਂ ਦੇਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਜ਼ਿੰਦਗੀ ’ਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਤੋਂ ਇਲਾਵਾ ਕੋਈ ਹੋਰ ਸ਼ਾਰਟਕੱਟ ਨਹੀਂ ਹੈ।
ਮੁੱਖ ਮੰਤਰੀ ਨੇ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਹੋਏ ਵੱਡੀ ਪੱਧਰ 'ਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ, ਸਮਾਰਟ ਕਲਾਸਰੂਮ ਬਣਾਉਣ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਣ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।
ਸਾਲ 2021 ਵਿੱਚ ਜਿੱਥੇ ਪੰਜਾਬ ਭਰ ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਬੱਚਿਆਂ ਨੇ ਨੀਟ ਦਾ ਪੇਪਰ ਕਲੀਅਰ ਕੀਤਾ ਸੀ, ਉੱਥੇ ਹੀ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਨਤੀਜਿਆਂ ਵਿੱਚ ਇਹ ਗਿਣਤੀ ਵਧ ਕੇ 882 ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਸਾਲਾਂ ਨਾਲੋਂ ਲਗਭਗ 11 ਗੁਣਾ ਵੱਧ ਹੈ।