23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜਣਗੇ ਮੁੱਖ ਮੰਤਰੀ ਮਾਨ: ਡੀਸੀ
23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ: ਡੀਸੀ
Publish Date: Thu, 19 Mar 2026 05:26 PM (IST)
Updated Date: Fri, 20 Mar 2026 04:08 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਅਤੇ ਉਨ੍ਹਾਂ ਵੱਲੋਂ ਪਬਲਿਕ ਰੈਲੀ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਇਸ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਹੁਸੈਨੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ। ਰਾਜ ਪੱਧਰੀ ਸਮਾਗਮ ਦੀਆਂ ਅਗਾਊਂ ਤਿਆਰੀਆਂ ਲਈ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ ਸੌਂਪੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਲੰਗਰ, ਪਖਾਨੇ, ਸਾਫ਼-ਸਫ਼ਾਈ, ਪ੍ਰਮੁੱਖ ਚੌਕਾ ਦੀ ਸਜਾਵਟ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰਕ ’ਤੇ ਸਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਲਿੰਧਿਆ, ਐੱਸਡੀਐੱਮ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਸਿਵਲ ਸਰਜਨ ਰਾਜੀਵ ਪਰਾਸ਼ਰ, ਐੱਸਪੀ ਮਨਜੀਤ ਸਿੰਘ, ਡੀਡੀਪੀਓ ਨਰਭਿੰਦਰ ਸਿੰਘ, ਡੀਐੱਮਓ ਜਸ਼ਨਦੀਪ ਸਿੰਘ, ਡੀਐੱਫਐੱਸਸੀ ਜਿਤਿਨ ਵਰਮਾ, ਜੀਐੱਮ ਰੋਡਵੇਜ਼ ਅਮਿਤ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।