27 ਨਵੰਬਰ ਦੀ ਮੌਕ ਡਰਿੱਲ ਦੀਆਂ ਤਿਆਰੀਆਂ ਮੁਕੰਮਲ 27 ਨਵੰਬਰ ਦੀ ਮੌਕ ਡਰਿੱਲ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿਵਲ ਡਿਫੈਂਸ ਦੀ ਮੀਟਿੰਗ
Publish Date: Wed, 25 Nov 2026 04:59 PM (IST)
Updated Date: Wed, 25 Nov 2026 05:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫ਼ਿਰੋਜ਼ਪੁਰ: 27 ਨਵੰਬਰ ਨੂੰ ਰਾਤ 8 ਵਜੇ ਦੇਸ਼ ਭਰ ’ਚ ਕਰਵਾਈ ਜਾਣ ਵਾਲੀ ਮੌਕ ਡਰਿੱਲ ਦੀਆਂ ਤਿਆਰੀਆਂ ਸਬੰਧੀ ਸਿਵਲ ਡਿਫੈਂਸ ਟਾਊਨ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਸਥਾਨਕ ਸਿਵਲ ਡਿਫੈਂਸ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਿਵਲ ਡਿਫੈਂਸ ਫਿਰੋਜ਼ਪੁਰ ਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਦੀ ਅਗੁਵਾਈ ’ਚ ਹੋਈ ਇਸ ਮੀਟਿੰਗ ਵਿੱਚ ਸਿਵਲ ਡਿਫੈਂਸ ਦੇ ਵਾਰਡਨਾਂ, ਹੋਮਗਾਰਡ ਅਧਿਕਾਰੀਆਂ, ਪੀਐੱਸਪੀਸੀਐੱਲ, ਸਿੱਖਿਆ ਵਿਭਾਗ, ਨਗਰ ਕੌਂਸਲ ਫ਼ਿਰੋਜ਼ਪੁਰ ਦੇ ਨਾਲ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮੌਕ ਡਰਿੱਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਿਵਲ ਡਿਫੈਂਸ ਦੇ ਵਾਰਡਨਾਂ ਅਤੇ ਵਲੰਟੀਅਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਨਿਰਧਾਰਤ ਕੀਤੀਆਂ ਗਈਆਂ ਤਾਂ ਜੋ ਐਮਰਜੈਂਸੀ ਵਰਗੀ ਸਥਿਤੀ ਵਿੱਚ ਹਰੇਕ ਟੀਮ ਆਪਣੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਅ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਦੇ ਚੀਫ ਵਾਰਡਨ ਪਰਮਿੰਦਰ ਸਿੰਘ ਥਿੰਦ ਅਤੇ ਸਟੋਰ ਸੁਪਰਡੈਂਟ ਅਨੀਸ਼ ਗੁਪਤਾ ਨੇ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਫ਼ਿਰੋਜ਼ਪੁਰ ਦੇ ਹਾਊਸਿੰਗ ਬੋਰਡ ਸਥਿਤ ਪੁੱਡਾ ਮਾਰਕੀਟ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ’ਤੇ ਸਾਇਰਨ ਵੱਜਣ ਦੇ ਨਾਲ ਬਲੈਕਆਊਟ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਕਾਰਵਾਈਆਂ ਦਾ ਅਭਿਆਸ ਕੀਤਾ ਜਾਵੇਗਾ। ਮੌਕ ਡਰਿੱਲ ਦੌਰਾਨ ਲਗਭਗ 10 ਮਿੰਟ ਬਾਅਦ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਜਾਵੇਗਾ। ਸਿਵਲ ਡਿਫੈਂਸ , ਐਨ ਸੀ ਸੀ ਦੇ ਵਲੰਟੀਅਰਾਂ ਅਤੇ ਪੰਜਾਬ ਹੋਮਗਾਰਡਜ਼ ਵੱਲੋਂ ਜ਼ਖ਼ਮੀਆਂ ਨੂੰ ਸਿਹਤ ਵਿਭਾਗ ਦੀ ਸਹਾਇਤਾ ਨਾਲ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਦਾ ਅਭਿਆਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਕੇ ’ਤੇ ਮੌਜੂਦ ਲੋਕਾਂ ਨੂੰ ਐਮਰਜੈਂਸੀ ਦੌਰਾਨ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ।ਅਧਿਕਾਰੀਆਂ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਮਕਸਦ ਕਿਸੇ ਵੀ ਅਣਸੁਖਾਵੀਂ ਸਥਿਤੀ ਵਿੱਚ ਵੱਖ-ਵੱਖ ਵਿਭਾਗਾਂ ਦੀ ਤਿਆਰੀ, ਆਪਸੀ ਤਾਲਮੇਲ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜਾਂ ਦੀ ਸਮਰੱਥਾ ਨੂੰ ਪਰਖਣਾ ਹੈ।