ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ
ਸਿਵਲ ਸਰਜਨ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ
Publish Date: Thu, 19 Feb 2026 04:52 PM (IST)
Updated Date: Fri, 20 Feb 2026 04:04 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋ ਫ਼ਰੀਦਕੋਟ ਰੋਡ ਤੇ ਸਥਿੱਤ ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ ਤੇ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਗੁਰਮੇਜ ਰਾਮ ਡਿਪਟੀ ਮੈਡੀਕਲ ਕਮਿਸ਼ਨਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮੌਜ਼ੂਦ ਸਨ। ਸਿਵਲ ਸਰਜਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵੱਲੋਂ ਉਕਤ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ’ਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਨਸ਼ਾ ਛੁਡਾਊ ਕੇਂਦਰ ’ਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਦਿੱਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ, ਤਾਂ ਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਉਨ੍ਹਾਂ ਸਟਾਫ ਦੇ ਹਾਜ਼ਰੀ ਰਜਿਸਟਰ ਅਤੇ ਮੈਡੀਸਿਨ ਦਾ ਰਿਕਾਰਡ ਚੈੱਕ ਕੀਤਾ ਅਤੇ ਹਦਾਇਤ ਕੀਤੀ ਰਿਕਾਰਡ ਮੁਕੰਮਲ ਰੱਖਿਆ ਜਾਵੇ ਅਤੇ ਮਰੀਜ਼ਾਂ ਦੇ ਇਲਾਜ਼ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਟਾਫ ਨੂੰ ਕਿਹਾ ਕਿ ਨਸ਼ੇ ਛੱਡਣ ਵਾਲੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਤੋਂ ਘਰ ਬਿਲਕੁਲ ਤੰਦਰੁਸਤ ਕਰਕੇ ਵਾਪਸ ਭੇਜਿਆ ਜਾਵੇ।