ਸਫ਼ਾਈ ਸਿਰਫ਼ ਕੌਂਸਲ ਦੀ ਨਹੀਂ, ਹਰ ਨਾਗਰਿਕ ਦੀ ਜ਼ਿੰਮੇਵਾਰੀ : ਕਟਾਰੀਆ ਸਫ਼ਾਈ ਸਿਰਫ਼ ਕੌਂਸਲ ਦੀ ਨਹੀਂ, ਹਰ ਨਾਗਰਿਕ ਦੀ ਜ਼ਿੰਮੇਵਾਰੀ : ਕਟਾਰੀਆ
Publish Date: Tue, 08 Sep 2026 05:23 PM (IST)
Updated Date: Tue, 08 Sep 2026 05:25 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਨੇ ਹੁਣ ਰਫ਼ਤਾਰ ਫੜ ਲਈ ਹੈ। ਮਿਸ਼ਨ ਕਲੀਨ ਪੰਜਾਬ ਨਗਰ ਕੌਂਸਲ ਵੱਲੋਂ ਫਿਰੋਜ਼ਪੁਰ ਰੋਡ ਸਮੇਤ ਸ਼ਹਿਰ ਦੀਆਂ ਵੱਖ-ਵੱਖ ਗਲੀਆਂ, ਮੁਹੱਲਿਆਂ ਅਤੇ ਜਨਤਕ ਥਾਵਾਂ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਕੂੜਾ-ਕਰਕਟ ਹਟਾ ਕੇ ਇਲਾਕੇ ਨੂੰ ਸਾਫ਼ ਕੀਤਾ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ ਅਤੇ ਮੀਤ ਪ੍ਰਧਾਨ ਰਾਜੀਵ ਸ਼ਰਮਾ ਭੋਲਾ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਮਕਸਦ ਜ਼ੀਰਾ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਸਫ਼ਾਈ ਅਭਿਆਨ ਦੌਰਾਨ ਕਰਮਚਾਰੀਆਂ ਵੱਲੋਂ ਕਲੋਨੀਆਂ ਦੀਆਂ ਗਲੀਆਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ ਹਟਾਇਆ ਗਿਆ। ਇਸ ਦੇ ਨਾਲ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਬਣੇ ਕੂੜੇਦਾਨਾਂ ਵਿੱਚ ਹੀ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਧਾਇਕ ਨਰੇਸ਼ ਕਟਾਰੀਆ ਅਤੇ ਨਗਰ ਕੌਂਸਲ ਆਗੂਆਂ ਨੇ ਕਿਹਾ ਕਿ ਸਫ਼ਾਈ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਅਤੇ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰਧਾਨ ਧਰਮਪਾਲ ਚੁੱਘ, ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ, ਈਓ ਨਰਿੰਦਰ ਕੁਮਾਰ, ਪੀਐੱਸਓ ਦਰਬਾਰਾ ਸਿੰਘ, ਸੋਨੂੰ ਮਸੀਹ, ਕੌਂਸਲਰ ਕਸ਼ਮੀਰ ਭੁੱਲਰ, ਗੁਰਪ੍ਰੀਤ ਸਿੰਘ ਗੋਪੀ, ਕੌਂਸਲਰ ਸੁਖਦੇਵ ਸਿੰਘ ਅਤੇ ਸੋਨੂੰ ਸਾਈਮਨ ਆਦਿ ਹਾਜ਼ਰ ਸਨ।