ਕਲੈਰੀਕਲ ਕਾਮਿਆਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਲੈਰੀਕਲ ਕਾਮਿਆਂ ਵੱਲੋਂ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਅਰਥੀ ਫੂਕ ਮੁਜ਼ਾਹਰਾ
Publish Date: Wed, 04 Nov 2026 05:32 PM (IST)
Updated Date: Wed, 04 Nov 2026 05:35 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਦੀ ਸੂਬਾ ਸਰਕਾਰ ਦੇ ਮੁਲਾਜ਼ਮ ਮੰਗਾਂ ਪ੍ਰਤੀ ਅੜੀਅਲ ਰਵੱਈਏ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਵਿੱਢੇ ਗਏ ਸੰਘਰਸ਼ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਖਿਲਾਫ ਪੁਤਲਾ ਫੂਕ ਮੁਜ਼ਾਹਰਾ ਕਰਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਵੱਖ ਵੱਖ ਸਰਕਾਰੀ ਦਫਤਰਾਂ ਦੇ ਕਲੈਰੀਕਲ ਕਾਮਿਆਂ ਨੇ ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਫਿਰੋਜ਼ਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਭਰਵੀ ਰੋਸ ਰੈਲੀ ਕਰਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆ ਮੁਲਾਜ਼ਮ ਆਗੂ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਖਜ਼ਾਨਚੀ ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਜਸਮੀਤ ਸਿੰਘ ਸੈਂਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਯਾਦਵਿੰਦਰ ਸਿੰਘ ਜਨਰਲ ਸਕੱਤਰ ਕਮਿਸ਼ਨਰ ਦਫਤਰ, ਦੀਪਕ ਲੂੰਬਾ ਅਤੇ ਕੁਲਦੀਪ ਸਿੰਘ ਕਮਿਸ਼ਨਰਲ ਦਫਤਰ, ਮਹਿਤਾਬ ਸਿੰਘ ਪ੍ਰਧਾਨ ਡੀ.ਸੀ. ਦਫਤਰ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ, ਓਮ ਰਾਣਾ ਡੀ.ਸੀ. ਦਫਤਰ ਆਦਿ ਨੇ ਕਿਹਾ ਕਿ ਸੂਬੇ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਰੇ ਲੱਪੇ ਅਤੇ ਝੂਠ ਮਾਰ ਮਾਰ ਕੇ ਗੁੰਮਰਾਹ ਕਰ ਰਹੀ ਹੈ ਅਤੇ ਕਿਸੇ ਵੀ ਮੁਲਾਜ਼ਮ ਮੰਗ ਦਾ ਹੱਲ ਨਹੀ ਕਰ ਸਕੀ । ਉਕਤ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਲੰਬੇ ਸਮੇ ਤੋ ਭਖਦੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦਾ ਮੁਕੰਮਲ ਨੋਟੀਫਿਕੇਸ਼ਨ ਲਾਗੂ ਕਰਨ, 10 ਪ੍ਰਤੀਸ਼ਤ ਡੀ.ਏ. ਲਾਗੂ ਕਰਨ ਅਤੇ ਬਕਾਏ ਦੀ ਅਦਾਇਗੀ ਕਰਨ, 15-01-2015 ਦਾ ਪੱਤਰ ਰੱਦ ਕਰਨ ਅਤੇ 17-07-2020 ਦਾ ਮੁਲਾਜ਼ਮ ਮਾਰੂ ਪੱਤਰ ਰੱਦ ਕਰਨ ਦੀਆਂ ਮੰਗਾਂ ਦਾ ਹਾਲੇ ਤੱਕ ਕੋਈ ਹੱਲ ਨਹੀ ਕੱਢਿਆ ਗਿਆ । ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਕਲੈਰੀਕਲ ਸਟਾਫ ਵੱਲੋ 5 ਅਤੇ 6 ਨਵੰਬਰ ਨੂੰ ਸਮੁੱਚੇ ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਕਲਮ ਛੋੜ ਹੜਤਾਲ ਰਹੇਗੀ ਅਤੇ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿਹਾ ਕਿ ਜੇਕਰ ਉਕਤ ਮੁਲਾਜ਼ਮ ਮੰਗਾਂ ਮੰਨਕੇ ਲਾਗੂ ਨਾ ਕੀਤੀਆਂ ਗਈਆਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਸੈਂਕੜੇ ਸਾਥੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਪਿੱਟ ਸਿਆਪਾ ਕੀਤਾ ।