‘ਰੰਗਲਾ ਪੰਜਾਬ–ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ‘ਸੀਐੱਮ ਦੀ ਯੋਗਸ਼ਾਲਾ’ : ਡੀਸੀ ‘ਰੰਗਲਾ ਪੰਜਾਬ–ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ : ਡੀਸੀ
Publish Date: Thu, 02 Jul 2026 03:45 PM (IST)
Updated Date: Thu, 02 Jul 2026 03:47 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਸੀਐੱਮ ਦੀ ਯੋਗਸ਼ਾਲਾ’ ਮੁਹਿੰਮ ‘ਰੰਗਲਾ ਪੰਜਾਬ-ਸਿਹਤਮੰਦ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰ ਰਹੀ ਹੈ ਅਤੇ ਲੋਕਾਂ ਨੂੰ ਤੰਦਰੁਸਤ ਅਤੇ ਸੰਤੁਲਿਤ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਯਮਿਤ ਤੌਰ ’ਤੇ ਯੋਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਹਰ ਉਮਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ‘‘ਸੀਐਮ ਦੀ ਯੋਗਸ਼ਾਲਾ’’ ਸਿਰਫ਼ ਯੋਗ ਸਿਖਾਉਣ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਨੂੰ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਣ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਇਸ ਵੇਲੇ 705 ਤੋਂ ਵੱਧ ਯੋਗ ਕਲਾਸਾਂ ਚੱਲ ਰਹੀਆਂ ਹਨ, ਜਿੱਥੇ 84 ਯੋਗ ਟਰੇਨਰ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀ ਸਿਖਲਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਲਗਭਗ 20 ਹਜ਼ਾਰ ਲੋਕ ਹਰ ਰੋਜ਼ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ ਨਿਖਾਰ ਰਹੇ ਹਨ। ਖਾਸ ਕਰਕੇ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਦੀ ਵਧਦੀ ਭਾਗੀਦਾਰੀ ਇਸ ਮੁਹਿੰਮ ਦੀ ਲੋਕਪ੍ਰਿਯਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਸਰੀਰ ਚੁਸਤ ਅਤੇ ਤੰਦਰੁਸਤ ਰਹਿੰਦਾ ਹੈ, ਮਾਨਸਿਕ ਤਣਾਅ ਵਿੱਚ ਕਮੀ ਆਉਂਦੀ ਹੈ ਅਤੇ ਵਿਅਕਤੀ ਦੀ ਕਾਰਜ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਯੋਗ ਟਰੇਨਰਾਂ ਵੱਲੋਂ ਭਾਗੀਦਾਰਾਂ ਨੂੰ ਸੰਤੁਲਿਤ ਖੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਤਣਾਅ ਪ੍ਰਬੰਧਨ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਯੋਗ ਨੂੰ ਲੋਕ ਅੰਦੋਲਨ ਦਾ ਰੂਪ ਦੇ ਕੇ ਹਰ ਨਾਗਰਿਕ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਮੁਹਿੰਮ ਨੂੰ ਹੋਰ ਵਿਆਪਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਚੱਲ ਰਹੀਆਂ ਯੋਗ ਕਲਾਸਾਂ ਨਾਲ ਜੁੜਨ, ਰੋਜ਼ਾਨਾ ਯੋਗ ਅਭਿਆਸ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਪੰਜਾਬ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਉਣ।