- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ’ਚ ਰੋਸ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ ਅੱਜ ਸੂਬਾ ਪੱਧਰ ’ਤੇ ਸੰਘਰਸ਼ ਨੂੰ ਨਵਾਂ ਰੂਪ ਦਿੰਦਿਆਂ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ। ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ-ਆਪਣੇ ਸਕੂਲਾਂ ਵਿਚ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਫੂਕ ਕੇ ਸਰਕਾਰ ਦੀ ਕਥਿਤ ਵਾਅਦਾ ਖ਼ਿਲਾਫ਼ੀ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ। ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਹਿਗੜ੍ਹ ਸਾਹਿਬ, ਰਾਕੇਸ਼ ਸੈਣੀ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ, ਦਵਿੰਦਰ ਪਾਠਕ ਅਤੇ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ 1 ਜੁਲਾਈ 2011 ਨੂੰ ਤਤਕਾਲੀਨ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ, ਪਰ ਪਿਛਲੇ 15 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਬਣਦੇ ਹੱਕ ਅਤੇ ਸੇਵਾ ਲਾਭ ਨਹੀਂ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਨਮੋਲ ਗਗਨ ਮਾਨ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਬਣਦੇ ਹੱਕ ਦੇਣ ਦੇ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ ਅਤੇ ਇਹ ਸਿਰਫ਼ ਚੋਣੀ ਐਲਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਨਤਕ ਮੰਚਾਂ ਤੋਂ ਕੀਤੇ ਗਏ ਐਲਾਨ ਵੀ ਅਮਲ ਵਿਚ ਨਹੀਂ ਆਏ। ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ’ਤੇ ਤੁਰੰਤ ਛੇਵਾਂ ਪੇ-ਕਮਿਸ਼ਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਜਾਵੇ ਅਤੇ ਹੋਰ ਸਾਰੇ ਬਕਾਇਆ ਸੇਵਾ ਲਾਭ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾਣ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਤਹਿਤ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਪ੍ਰਚਾਰ ਕੀਤਾ ਜਾਵੇਗਾ।