ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 12 ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬੇ ਕਰਨਗੇ ਰੋਸ ਰੈਲੀ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 12 ਜੁਲਾਈ ਨੂੰ ਵਿੱਤ ਮੰਤਰੀ ਦੇ
Publish Date: Thu, 09 Jul 2026 05:09 PM (IST)
Updated Date: Thu, 09 Jul 2026 05:12 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਦਿੜ੍ਹਬਾ ਰੈਲੀ ਦੇ ਸਬੰਧ ਵਿਚ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਇਕਾਈ ਫਿਰੋਜ਼ਪੁਰ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਗਾਂਧੀ ਗਾਰਡਨ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 12 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬੇ ਵਿਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ (ਪੀਆਈਸੀਟੀਈਐੱਸ) ਦੇ ਨਾਂ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ, ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ ਤਾਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਆਗੂ ਰਵੀਇੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਗਗਨਦੀਪ ਸਿੰਘ ਗਿੱਲ, ਸਤਨਾਮ ਸਿੰਘ ਧੰਜੂ, ਗੁਲਸ਼ਨ ਕੁਮਾਰ, ਵਿਜੇ ਕੁਮਾਰ, ਸਤੀਸ਼ ਕੁਮਾਰ, ਮਿਸਾਲ ਧਵਨ, ਸੰਜੀਵ ਕੁਮਾਰ, ਪ੍ਰਿਤਪਾਲ ਸਿੰਘ, ਅਜੇ ਕੁਮਾਰ, ਜਸਪ੍ਰੀਤ ਸਿੰਘ ਸੈਣੀ, ਇੰਦਰਜੀਤ ਕਲਸੀ, ਮੁਕੇਸ਼ ਚੌਹਾਨ, ਗੌਰਵ ਪੁਰੀ, ਵੰਦਨਾ ਅਤੇ ਕੰਚਨ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।