ਲੋਕਾਂ ਦੀ ਆਵਾਜ਼ ਬਣੇਗਾ ਕਾਂਗਰਸ ਦਾ ਚੋਣ ਮਨੋਰਥ ਪੱਤਰ : ਕੁਲਬੀਰ ਸਿੰਘ ਜ਼ੀਰਾ ਲੋਕਾਂ ਦੀ ਆਵਾਜ਼ ਬਣੇਗਾ ਕਾਂਗਰਸ ਦਾ ਚੋਣ ਮਨੋਰਥ ਪੱਤਰ, ਆਪਣੇ ਸੁਝਾਵਾਂ ਨਾਲ ਨੀਤੀਆਂ ਘੜਨ ਪੰਜਾਬ ਵਾਸੀ: ਕੁਲਬੀਰ ਸਿੰਘ ਜ਼ੀਰਾ
Publish Date: Tue, 10 Nov 2026 05:04 PM (IST)
Updated Date: Tue, 10 Nov 2026 05:06 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਦੀਆਂ ਅਸਲ ਲੋੜਾਂ ਅਤੇ ਉਮੀਦਾਂ ਨਾਲ ਜੋੜਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਸਿਰਫ਼ ਸਿਆਸੀ ਆਗੂਆਂ ਦੀ ਰਾਇ ਤੱਕ ਸੀਮਤ ਰਹਿਣ ਦੀ ਬਜਾਏ ਸੂਬੇ ਦੇ ਹਰ ਵਰਗ ਦੀ ਆਵਾਜ਼ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਇਸ ਸਬੰਧੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸਮੱਸਿਆਵਾਂ, ਲੋੜਾਂ ਅਤੇ ਵਿਕਾਸ ਸਬੰਧੀ ਵਿਚਾਰ ਪਾਰਟੀ ਤੱਕ ਪਹੁੰਚਾਉਣ। ਇੱਕ ਵੀਡੀਓ ਸੰਦੇਸ਼ ਰਾਹੀਂ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੂੰ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਲੀ ਕਮੇਟੀ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੀ ਸ਼ਮੂਲੀਅਤ ਕਰਨਗੇ।ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਚੋਣ ਮਨੋਰਥ ਪੱਤਰ ਵਿੱਚ ਅਜਿਹੇ ਮੁੱਦਿਆਂ ਨੂੰ ਜਗ੍ਹਾ ਮਿਲੇ, ਜਿਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਦੇ ਜੀਵਨ ਅਤੇ ਪੰਜਾਬ ਦੇ ਭਵਿੱਖ ਨਾਲ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਰਾਤ ਦੀ ਬਜਾਏ ਦਿਨ ਸਮੇਂ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦਾ ਸੁਝਾਅ ਵੀ ਸਾਹਮਣੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਪੈਨਸ਼ਨ ਦੀ ਉਮਰ ਹੱਦ ਵਿੱਚ ਤਬਦੀਲੀ ਕਰਨ ਦੀ ਲੋੜ ਵੱਲ ਵੀ ਧਿਆਨ ਦਿਵਾਇਆ ਗਿਆ ਹੈ। ਉਨ੍ਹਾਂ ਅਨੁਸਾਰ ਜਿੱਥੇ ਪੈਨਸ਼ਨ ਦੀ ਉਮਰ ਹੱਦ 58 ਸਾਲ ਹੈ, ਉਸ ਨੂੰ ਘਟਾ ਕੇ 55 ਸਾਲ ਅਤੇ ਜਿੱਥੇ 65 ਸਾਲ ਹੈ, ਉੱਥੇ ਇਸ ਨੂੰ 60 ਸਾਲ ਕਰਨ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਰੁਜ਼ਗਾਰ ਦੇ ਮੌਕਿਆਂ, ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਬਿਜਲੀ, ਖੇਤੀਬਾੜੀ, ਵਪਾਰ ਅਤੇ ਸਨਅਤੀ ਵਿਕਾਸ ਨਾਲ ਜੁੜੇ ਆਪਣੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਪਾਰਟੀ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਡਾ. ਅਮਰ ਸਿੰਘ ਦੀ ਅਗਵਾਈ ਵਾਲੀ ਕਮੇਟੀ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰੇ, ਜੋ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ, ਲੋਕਾਂ ਦੀਆਂ ਆਸਾਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਤਸਵੀਰ ਪੇਸ਼ ਕਰ ਸਕੇ।