- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਲਾਂਵਾਲਾ ’ਚ ਝਾੜੂ ਦਾ ਅੰਤਿਮ ਸੰਸਕਾਰ ਕਰ ਕੇ ਕਾਂਗਰਸ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਮਾਨਸਾ ਐਕਸ਼ਨ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਗਏ ਸੂਬਾ ਪੱਧਰੀ ਸੰਘਰਸ਼ ਦੀ ਲੜੀ ਤਹਿਤ ਹਲਕਾ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਅੰਤਿਮ ਸੰਸਕਾਰ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਪਿਛੋਕੜ ਵਾਲੇ ਵਿਅਕਤੀਆਂ ਨੇ ਸ਼ਮੂਲੀਅਤ ਕਰਦਿਆਂ ਇਨਸਾਫ਼ ਦੀ ਮੰਗ ਨੂੰ ਬੁਲੰਦ ਕੀਤਾ।ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਮਾਮਲੇ ਵਿੱਚ ਪੀੜਤ ਧਿਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਬਦਲਾਅ ਦੀ ਆਸ ਨਾਲ ਵੋਟਾਂ ਪਾਈਆਂ ਸਨ, ਪਰ ਅੱਜ ਉਸੇ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਅੰਤਿਮ ਸੰਸਕਾਰ ਕਰਨਾ ਸਰਕਾਰ ਪ੍ਰਤੀ ਲੋਕਾਂ ਦੇ ਰੋਸ ਦਾ ਪ੍ਰਤੀਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਉੱਭਰ ਰਿਹਾ ਵਿਰੋਧ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਤਪਾਲ ਚਾਵਲਾ ਕੌਂਸਲਰ ਅਤੇ ਬਲਾਕ ਪ੍ਰਧਾਨ, ਰੋਸ਼ਨ ਲਾਲ ਬਿੱਟਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਬੱਬਲ ਸ਼ਰਮਾ, ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਜੌੜਾ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਕਾਂਗਰਸ ਪ੍ਰਧਾਨ, ਤਰਸੇਮ ਐਮ.ਸੀ., ਡਾ. ਪਰਮਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ ਮੱਲ੍ਹ, ਸੁਖਦੇਵ ਸਿੰਘ, ਬਲਵਿੰਦਰ ਸਿੰਘ ਭੁੱਲਰ, ਕਿੱਕਰ ਸਿੰਘ ਭੁੱਲਰ, ਰਮੇਸ਼ ਅਟਵਾਲ, ਰਸ਼ਪਾਲ ਬੱਗੀ, ਆਤਮਾ ਸਿੰਘ ਦੁਲੇਵਾਲਾ, ਹੀਰਾ ਸਿੰਘ ਦੁਲੇਵਾਲਾ, ਜਸਵੰਤ ਸਿੰਘ ਬਿੱਲਾ, ਜੌਨ ਮਸੀਹ, ਮੋਹਿੰਦਰ ਮੋਂਗਾ, ਮਨੀਸ਼ ਮੋਂਗਾ, ਬਲਜਿੰਦਰ ਸਿੰਘ ਆਸਫ ਵਾਲਾ, ਹਰਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।