ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਅਟਾਰੀ ਨੇ ਸਾਥੀਆਂ ਸਮੇਤ ਕੀਤਾ ਰਸਤਾ ਜਾਮ
ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਅਟਾਰੀ ਨੇ ਸਾਥੀਆਂ ਸਮੇਤ ਕੀਤਾ ਰਸਤਾ ਜਾਮ
Publish Date: Sat, 06 Dec 2025 05:39 PM (IST)
Updated Date: Sat, 06 Dec 2025 05:42 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਬਲਾਕ ਸੰਮਤੀ ਫਿਰੋਜ਼ਪੁਰ ਦੇ ਪਿੰਡ ਅਟਾਰੀ ਤੋਂ ਕਾਂਗਰਸ ਪਾਰਟੀ ਉਮੀਦਵਾਰ ਸੁਖਵਿੰਦਰ ਸਿੰਘ ਅਟਾਰੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਨਾਰਾਜ਼ ਅਟਾਰੀ ਵੱਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਫਿਰੋਜ਼ਪੁਰ-ਛਾਉਣੀ ਨੂੰ ਜੋੜਨ ਵਾਲੇ ਰੇਲਵੇ ਪੁਲ ’ਤੇ ਧਰਨਾ ਦੇ ਕੇ ਰਸਤਾ ਜਾਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਉਨ੍ਹਾਂ ਨੇ ਬਲਾਕ ਸੰਮਤੀ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਦਬਾਅ ਹੇਠ ਆ ਕੇ ਧੱਕੇਸ਼ਾਹੀ ਕਰਦੇ ਹੋਏ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਕੱਲ੍ਹ ਬੀਡੀਓ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਸੀ ਅਤੇ ਉਸ ਦੌਰਾਨ ਮੌਕੇ ’ਤੇ ਤਹਿਸੀਲਦਾਰ ਨੇ ਆ ਕੇ ਕਿਹਾ ਸੀ ਕਿ ਮਾਮਲੇ ਦੀ ਜਾਂਚ ਕਰਕੇ ਵੈਰੀਫਿਕੇਸ਼ਨ ਪਿੰਡ ਵਿਚ ਆ ਕੇ ਕੀਤੀ ਜਾਵੇਗੀ, ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਰਾਤ ਦੇ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸੂਚੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਕਿ ਸ਼ਰੇਆਮ ਧੱਕੇਸ਼ਾਹੀ ਹੈ।ਉਨ੍ਹਾਂ ਕਿਹਾ ਕਿ ਅੱਜ ਵੀ ਸਰਕਾਰ ਦੇ ਇਸ਼ਾਰੇ ’ਤੇ ਤਹਿਸੀਲਦਾਰ ਨੂੰ ਕਿਤੇ ਬਾਹਰ ਭੇਜ ਦਿੱਤਾ ਗਿਆ ਹੈ, ਤਾਂ ਕਿ ਉਹ ਪਿੰਡ ਵਿਚ ਪਹੁੰਚ ਕੇ ਵੈਰੀਫਿਕੇਸ਼ਨ ਨਾ ਕਰ ਸਕਣ। ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਮਾਮਲੇ ਨੂੰ ਹਾਈਕੋਰਟ ਵਿਚ ਲੈ ਕੇ ਜਾਣਗੇ।