ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਵੱਲੋਂ ਫ਼ਿਰੋਜ਼ਪੁਰ ’ਚ ਪ੍ਰਦਰਸ਼ਨ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਵੱਲੋਂ ਫ਼ਿਰੋਜ਼ਪੁਰ ’ਚ ਪ੍ਰਦਰਸ਼ਨ, ਐੱਸ.ਆਈ.ਆਰ. ਦੁਬਾਰਾ ਕਰਵਾਉਣ ਦੀ ਮੰਗ
Publish Date: Mon, 28 Sep 2026 07:33 PM (IST)
Updated Date: Mon, 28 Sep 2026 07:33 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਵਿੱਚ ਕਥਿਤ ਧਾਂਦਲੀਆਂ ਅਤੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਦਫ਼ਤਰ ਦੇ ਬਾਹਰ ਜ਼ੋਰਦਾਰ ਧਰਨਾ ਦਿੱਤਾ ਗਿਆ। ਇਸ ਵਿਸ਼ੇਸ਼ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਬਹੁਤ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਧਰਨੇ ਵਿੱਚ ਸ਼ਿਰਕਤ ਕੀਤੀ। ਧਰਨੇ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪਾਇਲਟ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਚੋਣ ਅਫ਼ਸਰ ਗਗਨੇਸ਼ ਕੁਮਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਗੈਂਗਵਾਰ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਕੋਸਿਆ। ਧਰਨੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਜਿਨ੍ਹਾਂ ਲੋਕਾਂ ਵਿਰੁੱਧ ਪਹਿਲਾਂ ਗੈਂਗਸਟਰ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਦੀ ਗੱਲ ਕਹੀ ਜਾਂਦੀ ਸੀ, ਹੁਣ ਉਹ ਸਿਆਸੀ ਸਰਪ੍ਰਸਤੀ ਹਾਸਲ ਕਰ ਰਹੇ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਰਾਜਨੀਤੀ ਵਿੱਚ ਬੜਾਵਾ ਦੇਣ ਦੇ ਸਖ਼ਤ ਖ਼ਿਲਾਫ਼ ਹੈ।ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ’ਤੇ ਵੋਟ ਚੋਰੀ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਵੋਟ ਹੀ ਸਭ ਤੋਂ ਵੱਡਾ ਅਧਿਕਾਰ ਹੈ ਅਤੇ ਇਸ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਖੇਤਰਾਂ ਵਿੱਚ ਵੋਟਾਂ ਨੂੰ ਲੈ ਕੇ ਸਵਾਲ ਉੱਠੇ ਹਨ, ਉੱਥੇ ਐੱਸ.ਆਈ.ਆਰ. ਦੀ ਪ੍ਰਕਿਰਿਆ ਦੁਬਾਰਾ ਕਰਵਾਈ ਜਾਵੇ, ਤਾਂ ਜੋ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਂ ਲਿਸਟ ਵਿੱਚੋਂ ਨਾ ਕੱਟਿਆ ਜਾਵੇ। ਇਸ ਮੌਕੇ ਆਸ਼ੂ ਬੰਗੜ ਨੇ ਵੀ ਵਰਕਾਰਾਂ ਨੂੰ ਸੰਬੋਧਨ ਕੀਤਾ।ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ‘ਵੋਟ ਚੋਰੀ ਬੰਦ ਕਰੋ’, ‘ਐੱਸ.ਆਈ.ਆਰ. ਦੁਬਾਰਾ ਕਰਵਾਓ’, ‘ਲੋਕਤੰਤਰ ਬਚਾਓ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਜ਼ੋਰਦਾਰ ਨਾਅਰੇ ਲਗਾਏ ਗਏ। ਇਸ ਮੌਕੇ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।