ਮੱਲਾਂਵਾਲਾ ’ਚ ਕਾਂਗਰਸੀਆਂ ਨੇ ਫੂਕਿਆ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਮੱਲਾਂਵਾਲਾ ’ਚ ਕਾਂਗਰਸੀਆਂ ਨੇ ਫੂਕਿਆ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ
Publish Date: Sun, 11 Oct 2026 05:31 PM (IST)
Updated Date: Sun, 11 Oct 2026 05:32 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਬੀਤੀ ਦੇਰ ਰਾਤ ਕਸਬਾ ਮੱਲਾਂਵਾਲਾ ਦੇ ਮੇਨ ਚੌਕ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਭਾਰਤ ਦੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਵੋਟਾਂ ਕੱਟੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਮਰਥਕਾਂ ਦੀਆਂ ਵੋਟਾਂ ਕੱਟ ਕੇ ਸੱਤਾ ਵਿੱਚ ਬਣੇ ਰਹਿਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਲਈ ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ। ਉਨ੍ਹਾਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਕਰਨ, ਉਨ੍ਹਾਂ ਦਾ ਅਸਤੀਫ਼ਾ ਲੈਣ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਜ਼ੀਰਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 21 ਲੱਖ ਤੋਂ ਵੱਧ ਵੋਟਾਂ ਕੱਟੀਆਂ ਗਈਆਂ ਹਨ। ਉਨ੍ਹਾਂ ਅਨੁਸਾਰ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕਰੀਬ 55 ਹਜ਼ਾਰ ਵੋਟਾਂ ਕੱਟੀਆਂ ਗਈਆਂ ਹਨ, ਜਦਕਿ ਵਿਧਾਨ ਸਭਾ ਹਲਕਾ ਜ਼ੀਰਾ ਵਿੱਚ ਇਹ ਗਿਣਤੀ 14 ਤੋਂ 15 ਹਜ਼ਾਰ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਵੋਟਾਂ ਕੱਟੇ ਜਾਣ ਦਾ ਮਾਮਲਾ ਗੰਭੀਰ ਹੈ ਅਤੇ ਵੋਟਰਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾਉਣੀ ਜ਼ਰੂਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ 8 ਅਤੇ 9 ਅਕਤੂਬਰ ਨੂੰ ਵੱਖ-ਵੱਖ ਥਾਵਾਂ ’ਤੇ ਪੁਤਲੇ ਫੂਕ ਕੇ ਰੋਸ ਜਤਾਇਆ ਗਿਆ ਹੈ। ਇਸੇ ਕੜੀ ਤਹਿਤ ਮੱਲਾਂਵਾਲਾ ਦੇ ਮੇਨ ਚੌਕ ਵਿੱਚ ਵੀ ਕਾਂਗਰਸੀ ਵਰਕਰਾਂ ਵੱਲੋਂ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ।ਇਸ ਮੌਕੇ ਬੱਬਲ ਸ਼ਰਮਾ ਪ੍ਰਧਾਨ, ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ, ਰੋਸ਼ਨ ਲਾਲ ਬਿੱਟਾ ਪ੍ਰਧਾਨ, ਸਤਪਾਲ ਚਾਵਲਾ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਸੰਧੂ ਚਾਹਲ, ਗੁਰਵਿੰਦਰ ਸਿੰਘ ਮੱਲ, ਹਰਭਜਨ ਸਿੰਘ ਸਭਰਾ, ਮਹਿਕਦੀਪ ਸਿੰਘ ਜ਼ੀਰਾ, ਅਵਤਾਰ ਸਿੰਘ ਲਾਡੀ, ਜਰਨੈਲ ਸਿੰਘ ਖਾਈ, ਕਿਕਰ ਸਿੰਘ ਚਾਹਲ, ਰਸਪਾਲ ਸਿੰਘ ਬੱਗੀ, ਰਕੇਸ਼ ਘਾਰੂ, ਗੁਰਦੇਵ ਸਿੰਘ ਮਨੀਮ, ਰਮੇਸ਼ ਅਟਵਾਲ ਅਤੇ ਮਹਿੰਦਰ ਮੋਗਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।