ਪੰਜਾਬ ਦੀਆਂ ਲਾਈਟਾਂ ਬੁਝਾ ਬੈਠੀ ਮਾਨ ਸਰਕਾਰ, ਹਰ ਮੋਰਚੇ ’ਤੇ ਨਾਕਾਮ’ : ਕੁਲਬੀਰ ਜ਼ੀਰਾ ਪੰਜਾਬ ਸਰਕਾਰ ਖ਼ਿਲਾਫ਼ ਕਾਂਗਰਸ ਦਾ ਪਟਿਆਲਾ ’ਚ ਸ਼ਕਤੀ ਪ੍ਰਦਰਸ਼ਨ, ਕੁਲਬੀਰ ਜ਼ੀਰਾ ਦੀ ਅਗਵਾਈ ’ਚ ਜ਼ੀਰਾ ਤੋਂ ਕਾਫ਼ਲਾ ਰਵਾਨਾ
Publish Date: Mon, 14 Sep 2026 06:36 PM (IST)
Updated Date: Mon, 14 Sep 2026 06:38 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਪਟਿਆਲਾ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਜ਼ੀਰਾ ਹਲਕੇ ਤੋਂ ਵੀ ਵੱਡੀ ਸ਼ਮੂਲੀਅਤ ਦਰਜ ਕਰਵਾਈ ਗਈ। ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਜ਼ੀਰਾ ਤੋਂ ਪਟਿਆਲਾ ਲਈ ਰਵਾਨਾ ਹੋਏ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸਚਿਨ ਪਾਇਲਟ ਵੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਹੋਰ ਗੰਭੀਰ ਹੋਈਆਂ ਹਨ। ਬਿਜਲੀ ਸਮੇਤ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਸਰਕਾਰੀ ਪੱਧਰ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਲੋੜ ਹੈ। ਸਿਰਫ਼ ਬਿਆਨਬਾਜ਼ੀ ਨਾਲ ਜ਼ਮੀਨੀ ਹਕੀਕਤ ਨਹੀਂ ਬਦਲੀ ਜਾ ਸਕਦੀ। ਕਾਂਗਰਸ ਆਗੂ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪਾਰਟੀ ਚੁੱਪ ਨਹੀਂ ਬੈਠੇਗੀ। ਪਟਿਆਲਾ ਦਾ ਪ੍ਰਦਰਸ਼ਨ ਸਰਕਾਰ ਨੂੰ ਇਹ ਸੰਦੇਸ਼ ਦੇਣ ਲਈ ਹੈ ਕਿ ਲੋਕ ਵਿਰੋਧੀ ਫ਼ੈਸਲਿਆਂ ਅਤੇ ਨਾਕਾਮੀਆਂ ਖ਼ਿਲਾਫ਼ ਕਾਂਗਰਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਮਹਿਕਦੀਪ ਸਿੰਘ ਜ਼ੀਰਾ ਸਕੱਤਰ ਯੂਥ ਕਾਂਗਰਸ ਪੰਜਾਬ, ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਡਾ. ਰਸ਼ਪਾਲ ਸਿੰਘ, ਸਤਨਾਮ ਸਿੰਘ ਢਿੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਫਰੀਦੇਵਾਲਾ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ, ਕੌਂਸਲਰ ਅਸ਼ੋਕ ਮਨਚੰਦਾ, ਰੋਮੀ ਚੋਪੜਾ, ਕੌਂਸਲਰ ਰਮਨ ਸ਼ਰਮਾ, ਸਿਮਰਨਜੀਤ ਸਿੰਘ ਵਿਰਕ ਸਾਬਕਾ ਸਰਪੰਚ ਘੁੱਦੂਵਾਲਾ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਕਾਂਗਰਸ ਪ੍ਰਧਾਨ ਮਖੂ, ਜਨਕ ਰਾਜ ਸ਼ਰਮਾ ਵਾੜਾ ਪੋਹ ਵਿੰਡ, ਸਾਬਕਾ ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਅੰਗਰੇਜ਼ ਸਿੰਘ ਸਨ੍ਹੇਰ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।