- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਮੰਡਲ ਦੇ ਦਫ਼ਤਰਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਮਨਾਇਆ ਗਿਆ ਸੰਵਿਧਾਨ ਦਿਵਸ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ ਰੇਲਵੇ ਮੰਡਲ ਵਿੱਚ ਅੱਜ 26 ਨਵੰਬਰ ਨੂੰ ਸੰਵਿਧਾਨ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਮੰਡਲ ਰੇਲਵੇ ਦਫ਼ਤਰ ਫਿਰੋਜ਼ਪੁਰ ਵਿਖੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਅਤੇ ਸੰਵਿਧਾਨ ਦੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਰੇਲਵੇ ਮੰਡਲ ਦੇ ਵੱਖ-ਵੱਖ ਸਟੇਸ਼ਨਾਂ ’ਤੇ ਵੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਵਾਇਆ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨਾਂ ਅਤੇ ਦਫ਼ਤਰਾਂ ਵਿੱਚ ਰੇਲ ਯਾਤਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸ ਵਿੱਚ ਦਰਜ ਲੋਕਤੰਤਰੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕੀਤਾ ਗਿਆ। ਸੰਵਿਧਾਨ ਦਿਵਸ ਦੇ ਇਸ ਸਮਾਗਮ ਵਿੱਚ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਮੁੱਖ ਮੈਡੀਕਲ ਸੁਪਰਡੈਂਟ ਡਾ. ਰੰਜਨਾ ਸਹਿਗਲ, ਸੀਨੀਅਰ ਮੰਡਲ ਸੁਰੱਖਿਆ ਕਮਿਸ਼ਨਰ ਰਿਸ਼ੀ ਪਾਂਡੇ, ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਸ੍ਰੀ ਪਰਮਦੀਪ ਸਿੰਘ ਸੈਣੀ, ਮੰਡਲ ਕਾਰਮਿਕ ਅਧਿਕਾਰੀ ਵਜਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਮੰਡਲ ਦਫ਼ਤਰ ਵਿੱਚ ਕੰਮ ਕਰਦੇ ਰੇਲਵੇ ਕਰਮਚਾਰੀ ਵੀ ਮੌਜ਼ੂਦ ਸਨ। ਇਸ ਮੌਕੇ ਸਾਰਿਆਂ ਨੇ ਸੰਵਿਧਾਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਅਤੇ ਕੰਮਕਾਜ ਵਿੱਚ ਅਪਣਾਉਣ ਅਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।