- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ’ਚ ਗਰਜਣਗੇ ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜ਼ਮ: ਰੁਪਿੰਦਰ ਸਿੰਘ

-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਤਿਆਰੀ ਸਬੰਧੀ ਮੀਟਿੰਗ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਫੈਸਲੇ ਤਹਿਤ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੀ ਮੀਟਿੰਗ ਜਲ ਸਪਲਾਈ ਦਫਤਰ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਵਿਚ ਸੂਬਾਈ ਆਗੂ ਰੁਪਿੰਦਰ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ‘ਪੱਕੇ ਰੁਜ਼ਗਾਰ’ ਦਾ ਪ੍ਰਬੰਧ ਕਰਨ ਸਮੇਤ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਲਾਰੇ ਲਗਾਓ ਅਤੇ ਸਮਾਂ ਬਤੀਤ ਕਰ ਰਹੀ ਹੈ ਉਥੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਵਰਗੀਆਂ ਮਾਰੂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸਦੇ ਨਾਲ ਹੀ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ ’ਚ ਵੇਚਣ ਲਈ ਕਾਰਪੋਰੇਟਰਾਂ ਨੂੰ ਖੁੱਲ੍ਹ ਦਿੱਤੀ ਜਾ ਰਹੀ ਹੈ। ਜਿਸਦੇ ਵਿਰੋਧ ’ਚ ਮਜ਼ਬੂਰੀ ਵੱਸ ਵਰਕਰ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਪੰਜਾਬ ਸਰਕਾਰ ਵਿਰੁੱਧ ਪੂਰਅਮਨ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਪੰਜਾਬ ਸਰਕਾਰ ਦੇ ਵਿੱਤ ਮੰਤਰੀ, ਹਰਪਾਲ ਸਿੰਘ ਚੀਮਾ (ਚੇਅਰਮੈਨ, ਕੈਬਨਿਟ-ਸਬ-ਕਮੇਟੀ) ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਮਿਤੀ 24 ਜਨਵਰੀ 2026 ਨੂੰ ਪੰਜਾਬ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਯੂਨੀਅਨ ਦੀ ਸੂਬਾ ਕਮੇਟੀ ਦੀ ਅਗੁਵਾਈ ਹੇਠ ਪੰਜਾਬ ਭਰ ਤੋਂ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਲ ਹੋਣਗੇ। ਮੀਟਿੰਗ ਦੇ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜਿਲ੍ਹਾ ਜਨਰਲ ਸਕੱਤਰ, ਹਰਜਿੰਦਰ ਸਿੰਘ ਮੋਮੀ ਸਰਕਲ ਪ੍ਰਧਾਨ ਬਲਕਾਰ ਸਿੰਘ ਅਤੇ ਨੇ ਐਲਾਨ ਕਰਦਿਆ ਕਿਹਾ ਕਿ ਜ਼ਿਲ੍ਹੇ ਫਿਰੋਜ਼ਪੁਰ ਵਿੱਚੋਂ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ।