ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਮੁਜ਼ਾਹਰਾ
ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Publish Date: Thu, 05 Mar 2026 03:39 PM (IST)
Updated Date: Fri, 06 Mar 2026 04:00 AM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ. 31) ਵੱਲੋਂ ਅੱਜ ਫਿਰੋਜ਼ਪੁਰ ਵਿਖੇ ਸੂਬਾ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਵਿਰੁੱਧ ਜ਼ੋਰਦਾਰ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਹਲਕਾ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਅਤੇ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਵਿਧਾਨ ਸਭਾ ਸੈਸ਼ਨ ਵਿਚ ਕਾਨੂੰਨ ਪਾਸ ਕਰਕੇ ਸਮੂਹ ਆਊਟਸੋਰਸ ਅਤੇ ਇਨਲਿਸਟਮੈਂਟ ਵਰਕਰਾਂ ਨੂੰ ਪੱਕਾ ਕੀਤਾ ਜਾਵੇ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਆਗੂ ਬਲਜੀਤ ਸਿੰਘ ਅਤੇ ਬਿਜਲੀ ਬੋਰਡ ਦੇ ਆਗੂ ਸ਼ੇਰ ਸਿੰਘ ਨੇ ਕਿਹਾ ਕਿ ਮੌਜ਼ੂਦਾ ਸਰਕਾਰ ‘ਬਦਲਾਅ’ ਦੇ ਨਾਮ ’ਤੇ ਸੱਤਾ ਵਿਚ ਆਈ ਸੀ, ਪਰ ਅੱਜ ਇਹ ਪਿਛਲੀਆਂ ਸਰਕਾਰਾਂ ਨਾਲੋਂ ਵੀ ਵੱਧ ਮੁਲਾਜ਼ਮ ਵਿਰੋਧੀ ਸਾਬਤ ਹੋ ਰਹੀ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਪੁਰਾਣੇ ਤਜ਼ਰਬੇਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਬਾਹਰੋਂ ਸਿੱਧੀ ਭਰਤੀ ਕਰਕੇ ਉਨ੍ਹਾਂ ਦੇ ਰੁਜ਼ਗਾਰ ਨੂੰ ਖ਼ਤਰੇ ਵਿਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਅਤੇ ਪੰਚਾਇਤੀਕਰਨ ਵਰਗੇ ਫੈਸਲੇ ਮੁਲਾਜ਼ਮਾਂ ਦੇ ਹਿੱਤਾਂ ’ਤੇ ਵੱਡਾ ਹਮਲਾ ਹਨ। ਯੂਨੀਅਨ ਨੇ ਮੰਗ ਕੀਤੀ ਕਿ ਸਾਲਾਂਬੱਧੀ ਸੇਵਾਵਾਂ ਨਿਭਾਅ ਰਹੇ ਆਊਟਸੋਰਸ, ਇਨਲਿਸਟਮੈਂਟ, ਸੁਸਾਇਟੀਆਂ ਅਤੇ ਦਿਹਾੜੀਦਾਰ ਕਾਮਿਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਘੱਟੋ-ਘੱਟ ਉਜਰਤ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਨਖਾਹਾਂ ਦਿੱਤੀਆਂ ਜਾਣ। ਡਿਊਟੀ ਦੌਰਾਨ ਹੋਣ ਵਾਲੇ ਹਾਦਸਿਆਂ ਦੇ ਸ਼ਿਕਾਰ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ਾ ਅਤੇ ਪੱਕੀ ਨੌਕਰੀ ਦਾ ਕਾਨੂੰਨੀ ਪ੍ਰਬੰਧ ਕੀਤਾ ਜਾਵੇ। ਪ੍ਰੈਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਰਕਾਰ ਨਾਲ ਗੱਲਬਾਤ ਲਈ ਹੁਣ ਤੱਕ 32 ਵਾਰ ਸਮਾਂ ਦਿੱਤਾ ਗਿਆ, ਪਰ ਹਰ ਵਾਰ ਮੁੱਖ ਮੰਤਰੀ ਦੀਆਂ ਰੁਝੇਵਿਆਂ ਦਾ ਬਹਾਨਾ ਬਣਾ ਕੇ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ।
ਇਸ ਧੋਖੇ ਦੇ ਵਿਰੋਧ ਵਿਚ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ 22 ਮਾਰਚ ਤੋਂ 5 ਅਪ੍ਰੈਲ ਤੱਕ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਦੇ ਪਿੰਡਾਂ ਵਿਚ ਲਗਾਤਾਰ ਝੰਡਾ ਮਾਰਚ ਕੀਤਾ ਜਾਵੇਗਾ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 6 ਮਾਰਚ ਨੂੰ ਬਠਿੰਡਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਇਸ ਮੌਕੇ ਵਿਸ਼ਾਲ ਸਿੰਘ, ਪਰਵਿੰਦਰ ਸਿੰਘ ਰਾਜਾ, ਸਲਵਿੰਦਰ ਸਿੰਘ, ਹਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।