ਜਤਿੰਦਰ ਭੰਵਰਾ/ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਵੱਧ ਰਹੇ ਕੇਸਾਂ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸੋਮਵਾਰ ਨੂੰ 6 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ। ਪਿੰਡ ਮਾਨ ਸਿੰਘ ਵਾਲਾ ਦੇ ਕੋਰੋਨਾ ਪਾਜ਼ੇਟਿਵ ਮਿਲੇ 6 ਮੈਂਬਰ ਇਕੋ ਪਰਿਵਾਰ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ ਹਸਪਤਾਲ 'ਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਕਤ ਪਰਿਵਾਰ ਦਾ ਇਕ ਮੈਂਬਰ ਮੋਗਾ ਵਿਖੇ ਪੁਲਿਸ ਵਿਭਾਗ 'ਚ ਸੇਵਾਵਾਂ ਨਿਭਾ ਰਿਹਾ ਹੈ ਜਿੱਥੇ ਉਸਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਤੇ ਉਸ ਦੇ ਸੰਪਰਕ 'ਚ ਆਉਣ ਕਾਰਨ ਪਰਿਵਾਰ ਦੇ ਛੇ ਮੈਂਬਰ ਕੋਰੋਨਾ ਦੀ ਲਪੇਟ 'ਚ ਆ ਗਏ, ਜਿਨ੍ਹਾਂ ਦੇ ਪਿਛਲੇ ਦਿਨੀਂ ਸਿਹਤ ਵਿਭਾਗ ਵੱਲੋਂ ਸੈਂਪਲ ਜਾਂਚ ਲਈ ਭੇਜੇ ਗਏ ਸਨ ਤੇ ਸੋਮਵਾਰ ਨੂੰ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ।

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਾਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 144 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਅੱਜ ਤਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 9829 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ 'ਚੋਂ 9264 ਦੀ ਰਿਪੋਰਟ ਨੈਗੇਟਿਵ ਅਤੇ 139 ਮਰੀਜ਼ ਪਾਜ਼ੇਟਿਵ ਹਨ, ਜਿਨ੍ਹਾਂ ਵਿਚੋਂ 125 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 13 ਕੇਸ ਐਕਟਿਵ ਹਨ। ਅਜੇ 425 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ 'ਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 177 ਸੈਂਪਲ ਲਏ ਗਏ ਹਨ। ਜ਼ਿਲ੍ਹੇ ਦੇ ਫਲੂ ਕਾਰਨਰਾਂ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 368 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਆਈ ਹੈ।

-------

'ਸਰਕਾਰੀ ਵਿਭਾਗਾਂ ਦੇ ਕਾਮਿਆਂ ਦੇ ਵੀ ਲਏ ਜਾ ਰਹੇ ਸੈਂਪਲ'

ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ੍ਹ ਵਿਚ ਕੋਵਿਡ ਕੇਸਾਂ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੂ ਕਾਰਨਰ 'ਤੇ ਆਉਣ ਵਾਲੇ ਹਰ ਸ਼ੱਕੀ ਮਰੀਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਵੀ ਕੋਰੋਨਾ ਦਾ ਮਰੀਜ਼ ਲੁਕਿਆ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕੀਤੇ ਜਾਣ, ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।