ਸੁਖਵਿੰਦਰ ਥਿੰਦ ਆਲਮਸ਼ਾਹ, ਫਾਜ਼ਿਲਕਾ : ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਘਰਾਂ ਤਕ ਪਹੰੁਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ 9998 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਸ ਵਿਚੋਂ 9639 ਦੀ ਰਿਪੋਰਟ ਨੈਗੇਟਿਵ ਅਤੇ 104 ਦੀ ਪਾਜ਼ੇਟਿਵ ਮਿਲੀ ਹੈ, ਜਿਨ੍ਹਾਂ ਵਿਚੋਂ 78 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ, 26 ਕੇਸ ਐਕਟਿਵ ਹਨ ਅਤੇ 190 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ 'ਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੈਂਪਿਲੰਗ ਦੇ ਮਿਲੇ ਟੀਚੇ ਨੂੰ ਧਿਆਨ 'ਚ ਰੱਖ ਕੇ ਰੋਜ਼ਾਨਾ ਪੱਧਰ 'ਤੇ ਸੈਂਪਿਲੰਗ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪਰਹੇਜ਼ ਕਰਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨ ਆਪਸੀ ਦੂਰੀ ਬਣਾ ਕੇ ਰੱਖਣ, ਬਿਨਾ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ।