- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਝੋਟਾ ਦੀ ਯਾਦ ’ਚ ਕ੍ਰਿਕਟ ਟੂਰਨਾਮੈਂਟ ਤੇ ਡੌਗ ਸ਼ੋਅ ਦਾ ਸ਼ਾਨਦਾਰ ਆਗਾਜ਼

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ
ਜ਼ੀਰਾ : ਸ਼ਹੀਦਾਂ ਦੀ ਯਾਦ ਨੂੰ ਲੋਕ ਮਨਾਂ ਵਿੱਚ ਜਿਊਂਦਾ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਗੁਰਦਿੱਤੀਵਾਲਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਮਰਪਿਤ ਪਹਿਲਾ ਕ੍ਰਿਕਟ ਟੂਰਨਾਮੈਂਟ ਅਤੇ ਡੌਗ ਸ਼ੋਅ ਮੁਕਾਬਲਾ ਕਰਵਾਇਆ ਗਿਆ। ਨਗਰ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਖੇਡ ਮੈਦਾਨ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰਾ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮਹਿਕਦੀਪ ਸਿੰਘ ਜ਼ੀਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਮਿਹਨਤ ਅਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਕਰਦੀਆਂ ਹਨ। ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਉਪਰਾਲੇ ਛੁਪੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਨਾਲ ਸਿਹਤਮੰਦ ਸਮਾਜ ਦੀ ਨੀਂਹ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਸਮਾਗਮ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਦਾ ਉੱਤਮ ਉਪਰਾਲਾ ਹਨ। ਉਨ੍ਹਾਂ ਖਿਡਾਰੀਆਂ ਨੂੰ ਜਿੱਤ-ਹਾਰ ਦੀ ਪ੍ਰਵਾਹ ਕੀਤੇ ਬਿਨਾਂ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਕ੍ਰਿਕਟ ਮੁਕਾਬਲਿਆਂ ਦੇ ਨਾਲ ਡੌਗ ਸ਼ੋਅ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਰੂਬਲ ਵਿਰਦੀ, ਸ਼ੇਰ ਸਿਆਲ ਕਾਮਲ ਵਾਲਾ, ਹਰਮਨ ਖੋਸਾ, ਨਸੀਬ ਸਿੰਘ ਖਾਲਸਾ, ਯਾਦਵਿੰਦਰ ਆਸ਼ਫਵਾਲਾ, ਗਗਨ ਛਾਬੜਾ, ਤਾਰਾ ਸਿੰਘ ਕੁਹਾਲਾ, ਗੁਰਦਿਆਲ ਸਿੰਘ ਗੈਰੀ, ਸ਼ਿਵਾਂਸ ਸਾਗਰ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।