ਜ਼ੀਰਾ ’ਚ ਵਿਧਾਇਕ ਦੀ ਰਿਹਾਇਸ਼ ’ਤੇ ਲਾਇਆ ‘ਲਾਹਨਤ ਪੱਤਰ’ ਜ਼ੀਰਾ ’ਚ ਵਿਧਾਇਕ ਦੀ ਰਿਹਾਇਸ਼ ’ਤੇ ਲਾਇਆ ‘ਲਾਹਨਤ ਪੱਤਰ’
Publish Date: Mon, 19 Oct 2026 03:52 PM (IST)
Updated Date: Mon, 19 Oct 2026 03:54 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇਨਸਾਫ਼ ਦੀ ਮੰਗ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੰਘਰਸ਼ ਦਾ ਕੇਂਦਰ ਬਣ ਗਈ ਹੈ। ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਕ੍ਰਾਂਤੀਕਾਰੀ, ਡਕੌਂਦਾ, ਖੋਸਾ, ਮਿਸਲ ਸਤਲੁਜ, ਵਾਰਿਸ ਪੰਜਾਬ ਦੇ ਅਤੇ ਹੋਰ ਇਨਸਾਫ਼ਪਸੰਦ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੰਧ ’ਤੇ ‘ਲਾਹਨਤ ਪੱਤਰ’ ਚਿਪਕਾਇਆ। ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਰਿਹਾ ਅਤੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ।ਵਿਧਾਇਕ ਦੀ ਰਿਹਾਇਸ਼ ਨੇੜੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਗੁਰਭਾਗ ਸਿੰਘ ਅਤੇ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਮਹਿਜ਼ ਇੱਕ ਵਿਅਕਤੀ ਦੀ ਹੱਤਿਆ ਨਹੀਂ, ਸਗੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਅਤੇ ਸਰਕਾਰੀ ਪ੍ਰਬੰਧਾਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਦੀ ਥਾਂ ਇਸ ਵਿਰੁੱਧ ਬੋਲਣ ਵਾਲਿਆਂ ਨੂੰ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਨੇ ਤਿੰਨ ਸਾਲ ਪਹਿਲਾਂ ਕਥਿਤ ਤੌਰ ’ਤੇ ਇੱਕ ਦੁਕਾਨਦਾਰ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਫੜਿਆ ਸੀ, ਪਰ ਬਾਅਦ ਵਿੱਚ ਉਸ ਨੂੰ ਝੂਠੇ ਕੇਸ ਵਿੱਚ ਤਿੰਨ ਮਹੀਨੇ ਜੇਲ੍ਹ ਕੱਟਣੀ ਪਈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਵੱਲੋਂ ਸ਼ੁਰੂ ਵਿੱਚ ਮਾਮਲੇ ਨੂੰ ਆਪਸੀ ਰੰਜਿਸ਼ ਨਾਲ ਜੋੜਨ ’ਤੇ ਵੀ ਸਵਾਲ ਉਠਾਏ।ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋਈ। ਬਾਅਦ ਵਿੱਚ ਪ੍ਰਦਰਸ਼ਨਕਾਰੀ ਬੈਰੀਕੇਡ ਪਾਸੇ ਹਟਾ ਕੇ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਪਹੁੰਚੇ ਅਤੇ ਆਪਣਾ ਰੋਸ ਦਰਜ ਕਰਵਾਇਆ। ਚਿਪਕਾਏ ਗਏ ਪੱਤਰ ਰਾਹੀਂ ਜਥੇਬੰਦੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨੈਤਿਕ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਮੰਗੇ। ਆਗੂਆਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਦਾ ਫ਼ਰਜ਼ ਹੈ ਕਿ ਉਹ ਨਸ਼ਿਆਂ ਦੇ ਮੁੱਦੇ ’ਤੇ ਚੁੱਪ ਰਹਿਣ ਦੀ ਬਜਾਏ ਸਰਕਾਰ ਤੋਂ ਜਵਾਬ ਮੰਗਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਨ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ, ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਬਲਜੀਤ ਸਿੰਘ ਨੰਬਰਦਾਰ , ਬੂਟਾ ਸਿੰਘ ਸ਼ਾਹਵਾਲਾ, ਨਾਇਬ ਸਿੰਘ ਸੇਖਵਾਂ, ਪਾਲ ਸਿੰਘ ਸਨ੍ਹੇਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ, ਸੁਖਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ ਜੱਲੇ ਖਾਂ, ਸੁਖਪਾਲ ਸਿੰਘ ਬਲਾਕ ਪ੍ਰਧਾਨ ਸੰਤੂਵਾਲਾ ਕੁਲਵਿੰਦਰ ਸਿੰਘ ਕਾਲਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਗੁਲਜਾਰ ਸਿੰਘ ਬਲਾਕ ਪ੍ਰਧਾਨ ਬੂਟਾ ਸਿੰਘ, ਮਿਸਲ ਸਤਲੁਜ ਦੇ ਜਨਰਲ ਸਕੱਤਰ ਪੰਜਾਬ ਤੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ, ਅੰਮ੍ਰਿਤਪਾਲ ਸਿੰਘ, ਜਸ਼ਨਦੀਪ ਸਿੰਘ ਬਰਾੜ, ਤਜਿੰਦਰ ਸਿੰਘ ਕੰਗ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਰਘਬੀਰ ਸਿੰਘ ਸਨੇਰ, ਸਾਂਝਾ ਮੋਰਚਾ ਜ਼ੀਰਾ ਦੇ ਆਗੂ ਰੋਮਨ ਸਿੰਘ ਬਰਾੜ ਮਹੀਆਂ ਸਿੰਘ ਵਾਲਾ, ਨਿਸ਼ਾਨ ਸਿੰਘ ਵਕੀਲਾਂਵਾਲਾ, ਜਗਤਾਰ ਸਿੰਘ ਲੌਂਗੋਦੇਵਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।