- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ

-ਕਿਹਾ, 4 ਦਸੰਬਰ ਨੂੰ ਸੰਗਰੂਰ ’ਚ ਸੀਐੱਮ ਦੀ ਕੋਠੀ ਦਾ ਕਰਾਂਗੇ ਘਿਰਾਓ
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਮੂਹ ਮੁਲਾਜ਼ਮਾਂ ਦੇ ਹੱਕਾਂ ਤੇ ਜਾਇਜ਼ ਮੰਗਾਂ ਦੀ ਰਾਖੀ ਲਈ 27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਫਿਰੋਜ਼ਪੁਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਅੱਜ ਡੀ.ਸੀ. ਦਫ਼ਤਰ ਵਿਖੇ ਸਥਿਤ ਟਾਈਪ-1 ਸੇਵਾ ਕੇਂਦਰਾਂ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਨਾਗਰਿਕ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਯੂਨੀਅਨ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 4 ਦਸੰਬਰ 2026 ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਮੁੜ ਘਿਰਾਓ ਕਰਨ ਦਾ ਸੱਦਾ ਵੀ ਦਿੱਤਾ ਹੈ।
ਯੂਨੀਅਨ ਆਗੂਆਂ ਅਨੁਸਾਰ ਆਪਣੀਆਂ ਮੰਗਾਂ ਮੰਨਵਾਉਣ ਲਈ ਹੁਣ ਤੱਕ ਸਰਕਾਰ ਅਤੇ ਸਬੰਧਤ ਧਿਰਾਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਵਿੱਚੋਂ ਕੋਈ ਵੀ ਠੋਸ ਅਤੇ ਤਸੱਲੀਬਖ਼ਸ਼ ਹੱਲ ਸਾਹਮਣੇ ਨਹੀਂ ਆ ਸਕਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਹੁਣ ਮੀਟਿੰਗਾਂ ਦਾ ਸਿਲਸਿਲਾ ਬੰਦ ਕਰਕੇ ਸਰਕਾਰ ਦੀ ਕਥਿਤ ਧੱਕੇਸ਼ਾਹੀ ਅਤੇ ਕੰਪਨੀ ਦੀ ਮਨਮਰਜ਼ੀ ਖ਼ਿਲਾਫ਼ ਸਿੱਧਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਸਮੂਹ ਸੇਵਾ ਕੇਂਦਰ ਆਪਰੇਟਰਾਂ ਅਤੇ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਵਾਰ ਹਰ ਸਾਥੀ ਆਪਣੇ ਹੱਕਾਂ ਦੀ ਲੜਾਈ ਵਿੱਚ ਪੂਰੀ ਸਰਗਰਮੀ ਅਤੇ ਇਕਜੁੱਟਤਾ ਨਾਲ ਹਿੱਸਾ ਲਵੇ। 4 ਦਸੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਨੂੰ ਸਫ਼ਲ ਬਣਾਉਣ ਲਈ ਹਰ ਮੁਲਾਜ਼ਮ ਆਪਣਾ ਪੂਰਾ ਯੋਗਦਾਨ ਪਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਹੈ ਅਤੇ ਜਦੋਂ ਤੱਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਪੱਕਾ ਹੱਲ ਨਹੀਂ ਹੁੰਦਾ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸੇਵਾ ਕੇਂਦਰ ਦੇ ਮੁਲਾਜ਼ਮ ਹਾਜ਼ਰ ਸਨ।