ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ ਵਾਜਬ ਈ.ਵੀ.ਐਮ. ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ ਵਾਜਬ
Publish Date: Thu, 01 Oct 2026 08:12 PM (IST)
Updated Date: Fri, 02 Oct 2026 04:11 AM (IST)
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ’ ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ : ਪੀਰਮੁਹੰਮਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ (ਫਿਰੋਜ਼ਪੁਰ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਭਾਰਤੀ ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪੀਰਮੁਹੰਮਦ ਨੇ ਇੰਡੀਆ ਗਠਜੋੜ ਵੱਲੋਂ ਪਹਿਲੀ ਵਾਰ ਖੁੱਲ੍ਹ ਕੇ ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਗਈ ਮੰਗ ਦਾ ਪੂਰਨ ਸਮਰਥਨ ਕੀਤਾ। ਉਨ੍ਹਾਂ ਕਿਹਾ ਦੇਸ਼ ਦੇ ਲੋਕਾਂ ਦਾ ਈ.ਵੀ.ਐਮ. ਪ੍ਰਣਾਲੀ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਇੱਕ ਨਿਰਪੱਖ ਅਤੇ ਪਾਰਦਰਸ਼ੀ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ ਤਾਂ ਜੋ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਤੇ ਪੂਰਾ ਭਰੋਸਾ ਹੋ ਸਕੇ। ਦੂਜੇ ਮੁੱਦੇ ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਇੱਕ ਸਿਆਸੀ ਪਾਰਟੀ ਵਜੋਂ ਰਜਿਸਟਰ ਨਾ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਇਸ ਫੈਸਲੇ ਨੂੰ ਪੱਖਪਾਤੀ ਅਤੇ ਲੋਕਤੰਤਰਿਕ ਨਿਯਮਾਂ ਦਾ ਘਾਣ ਕਰਾਰ ਦਿੱਤਾ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਅੱਜ ਦੇਸ਼ ਦੀ ਆਜ਼ਾਦੀ, ਸੰਵਿਧਾਨ ਅਤੇ ਸਿਆਸੀ ਬਹੁਲਤਾਵਾਦ ਨੂੰ ਸਭ ਤੋਂ ਵੱਡਾ ਖ਼ਤਰਾ ਭਾਰਤੀ ਜਨਤਾ ਪਾਰਟੀ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਹੈ। ਕੇਂਦਰ ਸਰਕਾਰ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਨਵੀਆਂ ਪਾਰਟੀਆਂ ਦੀ ਰਜਿਸਟ੍ਰੇਸ਼ਨ ਵਿੱਚ ਰੋੜੇ ਅਟਕਾਉਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਜਪਾ ਦੇਸ਼ ਵਿੱਚ ਵਿਰੋਧੀ ਧਿਰਾਂ ਅਤੇ ਵੱਖਰੀਆਂ ਆਵਾਜ਼ਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਆਪਣੀ ਨਿਰਪੱਖਤਾ ਬਹਾਲ ਕਰੇ, ਬੈਲੇਟ ਪੇਪਰ ਨਾਲ ਚੋਣਾਂ ਕਰਵਾਉਣ ਦੀ ਮੰਗ ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਸਾਰੇ ਰਾਜਨੀਤਿਕ ਸਮੂਹਾਂ ਨੂੰ ਆਪਣੇ ਲੋਕਤੰਤਰਿਕ ਅਧਿਕਾਰਾਂ ਦੀ ਵਰਤੋਂ ਕਰਨ ਦਾ ਬਰਾਬਰ ਮੌਕਾ ਦੇਵੇ।