ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਸਰਕਾਰ ਦਾ ਪੁਤਲਾ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਾਮਲ ਵਾਲਾ ਵਿੱਚ ਫੂਕਿਆ ਭਗਵੰਤ
Publish Date: Thu, 15 Oct 2026 05:17 PM (IST)
Updated Date: Fri, 16 Oct 2026 04:01 AM (IST)
ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਕੀਤਾ ਰੋਸ ਪ੍ਰਦਰਸ਼ਨ, ਨਸ਼ਿਆਂ ਦੇ ਖ਼ਾਤਮੇ ਤੇ ਕਥਿਤ ਸਾਜ਼ਿਸ਼ਕਰਤਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਕਾਮਲ ਵਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਵੱਡੇ ਇਕੱਠ ਨੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਰੋਸ ਪ੍ਰਦਰਸ਼ਨ ਡਾ. ਗੁਰਮੇਲ ਸਿੰਘ ਫੱਤੇਵਾਲਾ ਅਤੇ ਗੁਰਮੁੱਖ ਸਿੰਘ ਕਾਮਲ ਵਾਲਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦਾ ਨਸ਼ਾ ਤਸਕਰਾਂ ਵੱਲੋਂ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਸੰਘਰਸ਼ ਤਹਿਤ ਮੋਰਚਾ ਕਮੇਟੀ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੀ ਹਮਾਇਤ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਸ਼ਰਮਾ ਸਮੇਤ ਮਾਮਲੇ ਨਾਲ ਸਬੰਧਤ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕਤਲ ਤੋਂ ਪਹਿਲਾਂ ਮੁੱਖ ਮੁਲਜ਼ਮ ਕਿਸੇ ਵਿਅਕਤੀ ਨਾਲ ਫ਼ੋਨ ਤੇ ਗੱਲ ਕਰ ਰਿਹਾ ਸੀ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਸਾਜ਼ਿਸ਼ਕਰਤਾ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਅਸਫਲ ਰਹੀ ਹੈ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਕਾਰਨ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸ ਮੌਕੇ ਮੱਸਾ ਸਿੰਘ ਆਸਫ਼ ਵਾਲਾ, ਟਹਿਲ ਸਿੰਘ ਕਾਮਲ ਵਾਲਾ, ਜੋਗਿੰਦਰ ਸਿੰਘ ਸਮੇਤ ਹੋਰ ਜਥੇਬੰਦੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।