ਡੀਸੀ ਵੱਲੋਂ ਝੋਨੇ ਦੀ ਖਰੀਦ ਸਬੰਧੀ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਝੋਨੇ ਦੀ ਖਰੀਦ ਸਬੰਧੀ ਆੜਤੀਆ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
Publish Date: Thu, 01 Oct 2026 04:45 PM (IST)
Updated Date: Fri, 02 Oct 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨੁਮਾਇੰਦਿਆ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਝੋਨੇ ਦੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਟਰੈਫਿਕ ਪ੍ਰਬੰਧਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਮੰਡੀਆਂ ਵਿਚ ਫਸਲ ਦੀ ਆਮਦ ਵਧਣ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਲੋੜੀਂਦੇ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਬਾਰੇ ਅਪੀਲ ਕਰਦਿਆਂ ਆੜਤੀਆ ਐਸੋਸੀਏਸ਼ਨ ਨੂੰ ਵੀ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਆਮਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਸਬੰਧਤ ਵਿਭਾਗਾਂ, ਪ੍ਰਸ਼ਾਸਨ ਅਤੇ ਮੰਡੀ ਨਾਲ ਜੁੜੀਆਂ ਧਿਰਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਵੱਲੋਂ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ, ਖੁਰਾਕ ਸਪਲਾਈ ਵਿਭਾਗ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਫਸਲ ਮੰਡੀ ਵਿਚ ਲਿਆਉਣ ਤੋਂ ਲੈ ਕੇ ਖਰੀਦ, ਲਿਫਟਿੰਗ ਅਤੇ ਅਦਾਇਗੀ ਤੱਕ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਬੰਧਤ ਸਾਰੀਆਂ ਧਿਰਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਸਹਿਮਤੀ ਪ੍ਰਗਟਾਈ ਗਈ। ਅੰਤ ਵਿਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸਦੀ ਖਰੀਦ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ, ਖੁਰਾਕ ਤੇ ਸਿਵਲ ਵਿਭਾਗ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਤੇ ਹੋਰ ਮੈਂਬਰ ਵੀ ਹਾਜ਼ਰ ਸਨ।