ਤਣਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡੀਸੀ ਵੱਲੋਂ ਲੋਕ ਅਰਪਣ
ਤਣਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡਿਪਟੀ ਕਮਿਸ਼ਨਰ ਵੱਲੋਂ ਲੋਕ ਅਰਪਣ
Publish Date: Thu, 18 Jun 2026 04:16 PM (IST)
Updated Date: Thu, 18 Jun 2026 04:18 PM (IST)

- ਸਿੱਖਿਆ ਵਿਭਾਗ ਸੈਕੰਡਰੀ ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ - ਸਫਲਤਾ ਲਈ ਪੜ੍ਹਾਈ ਦੌਰਾਨ ਤਨਾਅ ਨਹੀਂ, ਸਗੋਂ ਸਕਾਰਾਤਮਕ ਸੋਚ ਦੀ ਜ਼ਰੂਰਤ : ਡੀਸੀ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਪੜ੍ਹਾਈ ਦੌਰਾਨ ਤਨਾਅ ਮੁਕਤ ਰੱਖਣ ਅਤੇ ਉਨ੍ਹਾਂ ਵਿਚ ਸਕਾਰਾਤਮਕ ਸੋਚ ਵਿਕਸਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨੀਲਾ ਅਰੋੜਾ ਦੀ ਅਗਵਾਈ ਹੇਠ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਮਿਸ਼ਨ ਪ੍ਰੇਰਨਾ ਤਹਿਤ ਤਿਆਰ ਕੀਤੇ ਗਏ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਨੂੰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਆਈਏਐੱਸ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ। ਇਸ ਲੇਖ ਸੰਗ੍ਰਹਿ ਵਿਚ ਸਿੱਖਿਆ ਮਾਹਿਰਾਂ, ਮਨੋਵਿਗਿਆਨੀਆਂ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਲਿਖੇ ਗਏ ਉਹ ਲੇਖ ਸ਼ਾਮਲ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਆਤਮਵਿਸ਼ਵਾਸ, ਮਨੋਬਲ ਅਤੇ ਸਕਾਰਾਤਮਕ ਸੋਚ ਬਣਾਈ ਰੱਖਣ ਲਈ ਪ੍ਰੇਰਿਤ ਕਰਦੇ ਹਨ। ਇਹ ਉਪਰਾਲਾ ਵਿਦਿਆਰਥੀਆਂ ਨੂੰ ਤਣਾਅ ਤੋਂ ਦੂਰ ਰੱਖ ਕੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਨਿਖਾਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਆਪਣੇ ਪ੍ਰਧਾਨਗੀ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਤਨਾਅ ਅਤੇ ਡਰ ਨੂੰ ਆਪਣੇ ਉੱਤੇ ਭਾਰੀ ਨਾ ਹੋਣ ਦੇਣ, ਸਗੋਂ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੇਰਨਾਦਾਇਕ ਲੇਖ ਵਿਦਿਆਰਥੀਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਵਿਚ ਸਫਲਤਾ ਪ੍ਰਤੀ ਵਿਸ਼ਵਾਸ ਪੈਦਾ ਕਰਨ ਵਿਚ ਸਹਾਇਕ ਸਾਬਤ ਹੋਣਗੇ। ਇਸ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸੰਦੀਪ ਕੁਮਾਰ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਸਮੂਹ ਬੀਆਰਸੀ ਅਤੇ ਕੰਚਨ ਰਾਣੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨੀਲਾ ਅਰੋੜਾ ਨੇ ਕਿਹਾ ਕਿ ਇਸ ਲੇਖ ਸੰਗ੍ਰਹਿ ਦੇ ਸੰਪਾਦਕ ਡਾ. ਸਤਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀ ਅਧਿਆਪਕਾਂ ਦਾ ਇਹ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਲਈ ਬੇਹੱਦ ਲਾਭਦਾਇਕ ਅਤੇ ਮਾਰਗਦਰਸ਼ਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਸਤਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਇਸ ਪ੍ਰੋਜੈਕਟ ਵਿਚ ਸਹਿਯੋਗ ਕਰਨ ਵਾਲੇ ਸਹਿਯੋਗੀਆਂ ਅਤੇ ਲੇਖਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਸ਼ਨ ਪ੍ਰੇਰਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਨੂੰ ਪ੍ਰੀਖਿਆਵਾਂ ਦੇ ਦਬਾਅ ਤੋਂ ਮੁਕਤ ਰੱਖਣਾ ਅਤੇ ਉਨ੍ਹਾਂ ਦੀ ਸਰਵਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੇਖ ਸੰਗ੍ਰਹਿ ਵਿੱਚ ਸ਼ਾਮਲ ਵਿਚਾਰ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਡੀਐੱਸਐੱਮ, ਸੁਖਚੈਨ ਸਿੰਘ ਸਟੈਨੋ ਅਤੇ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।