ਮੁੱਖ ਮੰਤਰੀ ਸਿਹਤ ਯੋਜਨਾ ਦਾ ਡੀਸੀ ਨੇ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮਾਂ ਸਬੰਧੀ ਕੀਤੀ ਸਮੀਖਿਆ
Publish Date: Wed, 04 Feb 2026 03:53 PM (IST)
Updated Date: Wed, 04 Feb 2026 03:56 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਕ ਨਗਦ ਰਹਿਤ ਸਿਹਤ ਬੀਮਾ ਯੋਜਨਾ ਹੈ, ਜਿਸ ਦਾ ਮੰਤਵ ਪੰਜਾਬ ਦੇ ਸਾਰੇ ਵਸਨੀਕਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀਐੱਸਸੀ) ਵਿਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਲਈ ਵੱਖਰੇ ਤੌਰ ਤੇ ਪਿੰਡਾ ਵਿੱਚ ਵੀ ਕੈਂਪ ਵੀ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ ਤੇ ਮੌਕੇ ਤੇ ਸਿਹਤ ਕਾਰਡ ਵੀ ਬਣਾਏ ਜਾਣਗੇ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਟਾਫ ਦਾ ਡਾਟਾ ਭੇਜਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਦੀਆਂ ਆਈਡੀਜ਼ ਬਣਾ ਕੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਏ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।