ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਫ਼ਿਰੋਜ਼ਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
Publish Date: Thu, 01 Oct 2026 04:41 PM (IST)
Updated Date: Fri, 02 Oct 2026 04:02 AM (IST)
-ਇਕ ਹਜ਼ਾਰ ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ, ਪਰਾਲੀ ਪ੍ਰਬੰਧਨ, ਖਾਦਾਂ ਦੀ ਸੁਚੱਜੀ ਵਰਤੋਂ ਤੇ ਮੰਡੀਕਰਨ ਬਾਰੇ ਦਿੱਤੀ ਜਾਣਕਾਰੀ 11.91 ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ 804 ਖੇਤੀ ਮਸ਼ੀਨਾਂ ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫ਼ਿਰੋਜ਼ਪੁਰ : ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦੇਣ, ਖੇਤੀ ਇਨਪੁਟ ਦੀ ਸੁਚੱਜੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਇਕ ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ ਅਤੇ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ, ਪਾਣੀ ਅਤੇ ਹਵਾ ਕੁਦਰਤ ਦੀਆਂ ਅਨਮੋਲ ਦਾਤਾਂ ਹਨ, ਜਿਨ੍ਹਾਂ ਦੀ ਸੰਭਾਲ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ ਜਾਂ ਗੱਠਾਂ ਬਣਾਉਣ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਹਾੜੀ ਸੀਜ਼ਨ ਲਈ ਜ਼ਿਲ੍ਹੇ ਵਿੱਚ 10 ਹਜ਼ਾਰ ਮੀਟ੍ਰਿਕ ਟਨ ਡੀਏਪੀ ਉਪਲਬਧ ਹੈ। ਖਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਜਾਂਚ ਦੌਰਾਨ 79 ਖਾਦਾਂ ਦੇ ਨਮੂਨਿਆਂ ਵਿੱਚੋਂ ਦੋ, 88 ਕੀਟਨਾਸ਼ਕ ਨਮੂਨਿਆਂ ਵਿੱਚੋਂ ਇਕ ਅਤੇ 112 ਬੀਜ ਨਮੂਨਿਆਂ ਵਿੱਚੋਂ ਸੱਤ ਫੇਲ੍ਹ ਪਾਏ ਗਏ। ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 11.91 ਕਰੋੜ ਰੁਪਏ ਦੀ ਲਾਗਤ ਨਾਲ 804 ਖੇਤੀ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੈਮ ਸਕੀਮ ਤਹਿਤ 58 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ 36 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹੇ ਦੇ 1,37,625 ਕਿਸਾਨ ਲਾਭ ਪ੍ਰਾਪਤ ਕਰ ਰਹੇ ਹਨ। ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੰਗਲਾਤ, ਬਾਗਬਾਨੀ, ਮਿਲਕਫੈੱਡ, ਮਾਰਕਫੈੱਡ, ਇਫਕੋ ਅਤੇ ਹੋਰ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਰਹੀਆਂ। ਪ੍ਰਾਈਵੇਟ ਕੰਪਨੀਆਂ ਵੱਲੋਂ ਵੀ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀ ਮਸ਼ੀਨਰੀ ਦੇ ਸਟਾਲ ਲਗਾਏ ਗਏ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਕਾਸ਼ਤ, ਮਿੱਟੀ ਦੀ ਸਿਹਤ, ਸੁਚੱਜੇ ਮੰਡੀਕਰਨ, ਕਿਸਾਨ ਆਈਡੀ ਬਣਾਉਣ ਅਤੇ ਪਰਾਲੀ ਦੇ ਇਨ-ਸੀਟੂ ਤੇ ਐਕਸ-ਸੀਟੂ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ। ਕੈਂਪ ਦੀ ਸਮਾਪਤੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਅਧਿਕਾਰੀਆਂ ਨਾਲ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਪੰਚਾਇਤ ਸੰਮਤੀ ਫਿਰੋਜ਼ਪੁਰ ਦੇ ਚੇਅਰਮੈਨ ਦਿਲਬਾਗ ਸਿੰਘ ਨੰਡਾ , ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਸੰਧੂ, ਨੇਕ ਪ੍ਰਤਾਪ ਸਿੰਘ, ਰਾਜਬਹਾਦੁਰ ਸਿੰਘ, ਹਿਮਾਂਸ਼ੂ ਠੱਕਰ ਤੇ ਹੋਰ ਵੀ ਹਾਜ਼ਰ ਸਨ।