ਸਿਹਤ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰ ਤੇ ਸਟਾਫ ਸਨਮਾਨਿਤ
ਸਿਹਤ ਵਿਭਾਗ ਵਿਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾਕਟਰ ਤੇ ਸਟਾਫ ਸਨਮਾਨਿਤ
Publish Date: Wed, 28 Jan 2026 06:06 PM (IST)
Updated Date: Wed, 28 Jan 2026 06:10 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿਹਤ ਵਿਭਾਗ ਵਿਚ ਚੰਗੀਆਂ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ ਵਾਲੇ ਡਾਕਟਰ, ਸਿਹਤ ਸਟਾਫ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਨਮਾਨ ਪ੍ਰਾਪਤ ਡਾਕਟਰ, ਸਿਹਤ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਨੂੰ ਮੁਬਾਰਕ ਦਿੱਤੀ ਤੇ ਭਵਿੱਖ ਵਿਚ ਹੋਰ ਵਧੀਆ ਢੰਗ ਨਾਲ ਲੋਕ ਸੇਵਾ ਵਿਚ ਯੋਗਦਾਨ ਲਈ ਉਤਸ਼ਾਹਿਤ ਕੀਤਾ। ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੇ ਇਕ ਮਹੀਨੇ ਤੋਂ ਲਗਾਤਾਰ ਸਿਹਤ ਸੇਵਾਵਾਂ ਵਿਚ ਸੁਧਾਰ ਲਈ ਫੀਲਡ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਜੋ ਡਾਕਟਰ ਤੇ ਸਿਹਤ ਸਟਾਫ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਤੇ ਪ੍ਰੋਗਰਾਮ ਅਫ਼ਸਰ ਵੱਲੋਂ ਜਿਨ੍ਹਾਂ ਇੰਪਲਾਇਜ ਦੇ ਕੰਮ ਤੇ ਮੋਹਰ ਲਗਾਈ ਗਈ ਉਹਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਲਗਾਤਾਰ ਸਿਹਤ ਕੇਂਦਰ ਦੇ ਦੌਰੇ ਕਰਕੇ ਵੱਧ ਤੋ ਵੱਧ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਗਰਭ ਵਿਚ ਪਲ ਰਹੇ ਬੱਚੇ ਦੀ ਸਿਹਤ, ਹਾਈ ਰਿਸਕ ਕੇਸਾਂ ਦੀ ਪਹਿਚਾਣ ਕਰਕੇ ਮੈਡੀਕਲ ਨਿਗਰਾਨੀ ਅਤੇ ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਸਿਵਲ ਸਰਜਨ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਅਤੇ ਉਨ੍ਹਾਂ ਦਾ ਵਿਸ਼ੇਸ਼ ਇਲਾਜ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ। ਇਸ ਮੌਕੇ ਡਾ. ਗੁਰਮੇਜ ਰਾਮ ਡੀ.ਐੱਮਸੀ, ਡਾ. ਮਨਦੀਪ ਖੰਗੂਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਹਰਪ੍ਰੀਤ ਤੇ ਡਾ ਮਨਮੀਤ ਸਕੂਲ ਹੈੱਲਥ ਇੰਚਾਰਜ਼, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਹਰੀਸ਼ ਕਟਾਰੀਆ ਡੀਪੀਐੱਮ, ਵਿਕਾਸ ਕਾਲੜਾ ਪੀਏਟੂ ਸਿਵਲ ਸਰਜਨ ਸਮੇਤ ਸਟਾਫ ਹਾਜ਼ਰ ਸੀ।