ਮੱਲਾਂਵਾਲਾ ਵਿਚ ਨਿਕਾਸੀ ਪ੍ਰਣਾਲੀ ਫੇਲ, ਗਲੀਆਂ ਵਿਚ ਖੜ੍ਹਾ ਗੰਦਾ ਪਾਣੀ
ਮੱਲਾਂਵਾਲਾ ਵਿਚ ਨਿਕਾਸੀ ਪ੍ਰਣਾਲੀ ਫੇਲ, ਗਲੀਆਂ ਵਿਚ ਖੜ੍ਹਾ ਗੰਦਾ ਪਾਣੀ
Publish Date: Thu, 05 Feb 2026 04:41 PM (IST)
Updated Date: Fri, 06 Feb 2026 04:03 AM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਮੱਲਾਂਵਾਲਾ ਵਿਚ ਸੜਕਾਂ ਅਤੇ ਨਿਕਾਸੀ ਪ੍ਰਣਾਲੀ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ। ਖ਼ਾਸ ਕਰਕੇ ਮੀਤਾ ਭਗਤ ਵਾਲੀ ਸੜਕ ’ਤੇ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਹਰ ਵੇਲੇ ਪਾਣੀ ਭਰਿਆ ਰਹਿਣ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਾਲੀਆਂ ਦੀ ਸਫਾਈ ਸਮੇਂ ’ਤੇ ਨਹੀਂ ਕੀਤੀ ਜਾਂਦੀ, ਜਿਸ ਕਾਰਨ ਪਾਣੀ ਸੜਕਾਂ ਅਤੇ ਗਲੀਆਂ ਵਿਚ ਆ ਜਾਂਦਾ ਹੈ। ਛੋਟੀਆਂ ਗਲੀਆਂ ਵਿਚ ਵੀ ਪਾਣੀ ਭਰਿਆ ਰਹਿਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਰੋਜ਼ਾਨਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਹਗੀਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਤੋਂ ਲੰਘਣਾ ਬਹੁਤ ਔਖਾ ਹੋ ਗਿਆ ਹੈ। ਪਾਣੀ ਖੜ੍ਹਾ ਹੋਣ ਕਰਕੇ ਕਈ ਵਾਰ ਪੈਦਲ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ ਅਤੇ ਵਾਹਨਾਂ ਨੂੰ ਵੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ। ਸਥਾਨਕ ਨਿਵਾਸੀ ਪਰਮਜੀਤ ਕੌਰ ਨੇ ਕਿਹਾ ਕਿ ਗਲੀਆਂ ਵਿੱਚ ਪਾਣੀ ਭਰਿਆ ਰਹਿਣ ਕਾਰਨ ਘਰਾਂ ਦੇ ਬਾਹਰ ਗੰਦਗੀ ਫੈਲ ਰਹੀ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਆ ਰਹੀ ਹੈ ਅਤੇ ਮੱਛਰਾਂ ਦੀ ਸਮੱਸਿਆ ਵੀ ਵੱਧ ਰਹੀ ਹੈ। ਦੁਕਾਨਦਾਰ ਰਮਨ ਕੁਮਾਰ ਨੇ ਦੱਸਿਆ ਕਿ ਸੜਕ ’ਤੇ ਪਾਣੀ ਖੜ੍ਹਾ ਹੋਣ ਨਾਲ ਗਾਹਕ ਆਉਣ ਘੱਟ ਹੋ ਗਏ ਹਨ, ਜਿਸ ਨਾਲ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮਾਮਲੇ ਸਬੰਧੀ ਜਦੋਂ ਈਓ ਨਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਛੁੱਟੀ ’ਤੇ ਹਨ ਅਤੇ ਮਾਮਲੇ ਨੂੰ ਦੇਖ ਲਿਆ ਜਾਵੇਗਾ। ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਲੰਮੇ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਤੁਰੰਤ ਹੱਲ ਦੀ ਲੋੜ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਮੀਤਾ ਭਗਤ ਵਾਲੀ ਸੜਕ ਸਮੇਤ ਮੱਲਾਂਵਾਲਾ ਦੀਆਂ ਖਰਾਬ ਸੜਕਾਂ ਅਤੇ ਬੰਦ ਨਾਲੀਆਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।