ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐੱਸਐੱਸਪੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਪੁਲਿਸ ਵੱਲੋਂ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿੱਚੋਂ ਪੂਰੀ ਤਰ੍ਹਾਂ ਖਤਮ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਅਭਿਆਨ ਜਾਰੀ ਹੈ। ਇਸ ਦੇ ਤਹਿਤ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰ ਰਹੀ ਹੈ। ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ 243 ਗ੍ਰਾਮ ਹੈਰੋਇਨ, ਦੋ ਪਿਸਤੌਲ ਅਤੇ ਇਕ ਕਾਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਕਤ ਮਾਮਲਿਆਂ ਵਿਚ ਪੁਲਿਸ ਨੇ ਗ੍ਰਿਫਤਾਰ ਕੀਤੇ ਤਸਕਰਾਂ ਖਿਲਾਫ ਐੱਨਡੀਪੀਐੱਸ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਦਰ ਫਿਰੋਜ਼ਪੁਰ ਵਿਚ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਿੱਚੋਂ ਥਾਣਾ ਸਦਰ ਫਿਰੋਜ਼ਪੁਰ ਦੇ ਇੰਸਪੈਕਟਰ ਬਲਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਗੋਖੀਵਾਲਾ ਦੇ ਨਜ਼ਦੀਕ ਤੋਂ ਸਵਿਫਟ ਕਾਰ ਸਵਾਰ ਹਰਪ੍ਰੀਤ ਸਿੰਘ ਉਰਫ ਗੱਗੂ ਉਰਫ ਹੈਪੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਗਲੀ ਨੰਬਰ 6 ਪਿੰਡ ਉਦੇਕਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸ਼ੱਕ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ। ਜਦੋਂ ਪੁਲਿਸ ਨੇ ਉਸਦੀ ਕਾਰ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਕਾਰ ਵਿੱਚੋਂ 1 ਕਿਲੋ 736 ਗ੍ਰਾਮ ਹੈਰੋਇਨ, 2 ਪਿਸਤੌਲ 30 ਬੋਰ ਅਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਐੱਸਐੱਸਪੀ ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਇੰਸਪੈਕਟਰ ਮੋਹਿਤ ਧਵਨ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਪੁੱਤਰ ਮੁੰਸ਼ਾ ਸਿੰਘ ਵਾਸੀ ਛੀਨੇ ਵਾਲੇ ਝੁੱਗੇ ਪਿੰਡ ਚਾਂਦੀ ਵਾਲਾ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜਿਸ ’ਤੇ ਮੋਹਿਤ ਧਵਨ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਮਨਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ 507 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਤਸਕਰ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਉਨ੍ਹਾਂ ਨੇ ਇਸ ਨੂੰ ਅੱਗੇ ਕਿੱਥੇ ਸਪਲਾਈ ਕਰਨਾ ਸੀ, ਤਾਂ ਜੋ ਨਸ਼ੇ ਦੇ ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ ਜਾ ਸਕੇ। ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਇਹ ਕਾਰਵਾਈ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।