- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਸਤੰਬਰ ਨੂੰ ਆਰਿਫ਼ ਕੇ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’: ਰਾਣਾ ਸੋਢੀ

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਸਤੰਬਰ ਨੂੰ ਆਰਿਫ਼ ਕੇ ਪਹੁੰਚੇਗੀ। ਯਾਤਰਾ ਦੇ ਸਵਾਗਤ ਅਤੇ ਇਸ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ 26 ਸਤੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਉਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਰਾਣਾ ਸੋਢੀ ਨੇ ਦੱਸਿਆ ਕਿ 26 ਸਤੰਬਰ ਨੂੰ ਦਾਣਾ ਮੰਡੀ, ਫਿਰੋਜ਼ਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਵੱਡੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਆਰਿਫ਼ ਕੇ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਰਾਣਾ ਸੋਢੀ ਨੇ ਪੰਜਾਬ ਦੀ ਆਰਥਿਕ ਸਥਿਤੀ ਦਾ ਜ਼ਿਕਰ ਕਰਦਿਆਂ ਸਰਕਾਰ ਵੱਲੋਂ ਆਪਣੇ ਕੰਮਾਂ ਦੇ ਪ੍ਰਚਾਰ ਲਈ ਲਗਾਏ ਜਾ ਰਹੇ ਬੋਰਡਾਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਅਤੇ ਸਾਂਝੇ ਯਤਨ ਜ਼ਰੂਰੀ ਹਨ। ਇਸ ਮੌਕੇ ਨਸੀਬ ਸਿੰਘ ਸਿਆਸੀ ਸਕੱਤਰ ਰਾਣਾ ਸੋਢੀ, ਜਸਬੀਰ ਸਿੰਘ ਭੈਣੀਵਾਲਾ, ਪਰਮਜੀਤ ਸਿੰਘ ਭੈਣੀਵਾਲਾ, ਅਮਰੀਕ ਸਿੰਘ ਪ੍ਰਧਾਨ, ਜੁਗਰਾਜ ਸਿੰਘ ਕਟੋਰਾ, ਡਾ. ਹਰਨੇਕ ਸਿੰਘ, ਨਿਸ਼ਾਨਦੀਪ ਸਿੰਘ ਬੰਡਾਲਾ, ਸੁਖਜਿੰਦਰ ਸਿੰਘ ਆਰਿਫ਼ ਕੇ, ਦਵਿੰਦਰ ਸਿੰਘ ਜੰਗ, ਬਾਬਾ ਬਲਵਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।