
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

180 ਈ.ਟੀ.ਟੀ. ਅਧਿਆਪਕਾਂ ’ਤੇ ਪੁਲਿਸ ਜਬਰ, ਪੱਗਾਂ ਦੀ ਬੇਅਦਬੀ ਤੇ ਮਹਿਲਾ ਅਧਿਆਪਕਾਂ ਨਾਲ ਧੱਕੇਸ਼ਾਹੀ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ :180 ਈ.ਟੀ.ਟੀ. ਅਧਿਆਪਕਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮਸਲੇ ਦਾ ਹੱਲ ਕਰਵਾਉਣ ਦੀ ਮੰਗ ਨੂੰ ਲੈ ਕੇ ਆਪਣੇ ਪਰਿਵਾਰਾਂ ਸਮੇਤ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵੱਲੋਂ ਕੀਤੇ ਗਏ ਜਬਰਦਸਤ ਬਲ-ਪ੍ਰਯੋਗ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਆਗੂ ਰਾਜ ਕੁਮਾਰ ਮਹਿਰੋਕ, ਸੰਦੀਪ ਕੁਮਾਰ ਮਖੂ ਅਤੇ ਅਮਿਤ ਸ਼ਰਮਾ ਨੇ ਦੋਸ਼ ਲਾਇਆ ਕਿ ਪੁਲਿਸ ਕਾਰਵਾਈ ਦੌਰਾਨ ਸਿੱਖ ਅਧਿਆਪਕਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਅਤੇ ਉਨ੍ਹਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਈ ਗਈ, ਜਦਕਿ ਮਹਿਲਾ ਅਧਿਆਪਕਾਂ ਨਾਲ ਧੂਹ-ਘੜੀਸ ਕਰਦਿਆਂ ਉਨ੍ਹਾਂ ਨੂੰ ਸੈਕਟਰ-3 ਥਾਣੇ ਵਿੱਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਆਪਣੇ ਹੱਕ ਮੰਗਣ ਵਾਲੇ ਅਧਿਆਪਕਾਂ ਨੂੰ ਪੁਲਿਸ ਦੇ ਡੰਡੇ ਨਾਲ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਡੀਟੀਐੱਫ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਪੁਲਿਸ ਜਬਰ ਦੀ ਤੁਰੰਤ ਜਾਂਚ ਕਰਵਾਈ ਜਾਵੇ, ਗ੍ਰਿਫ਼ਤਾਰ ਕੀਤੇ ਅਧਿਆਪਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੱਗਾਂ ਦੀ ਬੇਅਦਬੀ ਅਤੇ ਮਹਿਲਾ ਅਧਿਆਪਕਾਂ ਨਾਲ ਕੀਤੀ ਧੱਕੇਸ਼ਾਹੀ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।