ਗੁਰੂਹਰਸਹਾਏ ਵਿੱਚ ਧੂਮਧਾਮ ਨਾਲ ਮਨਾਇਆ ਦੁਸਹਿਰਾ ਗੁਰੂਹਰਸਹਾਏ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
Publish Date: Tue, 20 Oct 2026 07:15 PM (IST)
Updated Date: Tue, 20 Oct 2026 07:18 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਗੁਰੂਹਰਸਹਾਏ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸ਼ਿਰਕਤ ਕੀਤੀ। ਦੁਸਹਿਰੇ ਦਾ ਤਿਉਹਾਰ ਦੇਖਣ ਲਈ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਪੂਰੇ ਇਲਾਕੇ ਵਿੱਚ ਤਿਉਹਾਰ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਤਿਉਹਾਰ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਦੁਸਹਿਰਾ ਸਮਾਪਤ ਹੋਣ ਤੱਕ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਦੇ ਰਹੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ।ਇਸ ਮੌਕੇ ਫਿਰੋਜ਼ਪੁਰ ਦੇ ਕਾਰੀਗਰਾਂ ਵੱਲੋਂ ਤਿਆਰ ਕੀਤੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਵਿਸ਼ਾਲ ਪੁਤਲੇ ਖਿੱਚ ਦਾ ਕੇਂਦਰ ਬਣੇ। ਸੂਰਜ ਅਸਤ ਹੋਣ ਤੋਂ ਬਾਅਦ ਇਨ੍ਹਾਂ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਗਿਆ। ਇਸ ਤੋਂ ਪਹਿਲਾਂ ਗਰਾਊਂਡ ਵਿੱਚ ਭਗਵਾਨ ਸ੍ਰੀ ਰਾਮ ਚੰਦਰ ਜੀ ਅਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੀਆਂ ਟੀਮਾਂ ਵੱਲੋਂ ਯੁੱਧ ਨਾਲ ਸਬੰਧਤ ਦ੍ਰਿਸ਼ਾਂ ਦਾ ਮੰਚਨ ਕੀਤਾ ਗਿਆ, ਜਿਸ ਦਾ ਲੋਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਹਮੇਸ਼ਾ ਸੱਚਾਈ ਅਤੇ ਨੇਕੀ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਾਰੇ ਮਿਲ ਕੇ ਹੰਭਲਾ ਮਾਰਨ ਅਤੇ ਨਸ਼ਿਆਂ ਰੂਪੀ ਰਾਵਣ ਨੂੰ ਸਾੜਨ ਲਈ ਪ੍ਰਸ਼ਾਸਨ ਦਾ ਸਾਥ ਦੇਣ। ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ ਗਏ ਸਨ ਅਤੇ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਸਟਾਲ ਵੀ ਲਗਾਏ ਗਏ। ਇਸ ਤਰ੍ਹਾਂ ਗੁਰੂਹਰਸਹਾਏ ਵਿੱਚ ਦੁਸਹਿਰੇ ਦਾ ਤਿਉਹਾਰ ਸ਼ਰਧਾ, ਉਤਸ਼ਾਹ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਇਆ।