ਕਿੱਤਾ ਮੁਖੀ ਸਿੱਖਿਆ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਹਿਮ : ਵਿਧਾਇਕ ਭੁੱਲਰ
ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਦਾ ਸ਼ਾਨਦਾਰ ਆਯੋਜਨ
Publish Date: Thu, 15 Jan 2026 05:18 PM (IST)
Updated Date: Fri, 16 Jan 2026 04:04 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਕਿੱਤਾ ਤੇ ਹੁਨਰ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਰਾਸ਼ਟਰੀ ਹੁਨਰ ਯੋਗਤਾ ਫਰਾਮਵਰਕ 2026 ਕਰਵਾਇਆ ਗਿਆ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀਆਂ ਕਿੱਤਾ ਮੁਖੀ ਕਾਬਲੀਆਂ, ਤਕਨੀਕੀ ਗਿਆਨ ਅਤੇ ਰਚਨਾਤਮਕ ਸੋਚ ਦਾ ਬੇਹਤਰੀਨ ਪ੍ਰਦਰਸ਼ਨ ਕੀਤਾ।
ਮੁਕਾਬਲਿਆਂ ਦੌਰਾਨ ਬੱਚਿਆਂ ਨੇ ਸਕਿਲ ਸਬਜੈਕਟਾਂ ਨਾਲ ਸਬੰਧਤ ਪ੍ਰੈਕਟੀਕਲ, ਮੌਖਿਕ ਅਤੇ ਲਿਖਤੀ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿੱਤਾ ਮੁਖੀ ਸਿੱਖਿਆ ਹੀ ਪੰਜਾਬ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਹੁਨਰ ਅਤੇ ਰੁਜ਼ਗਾਰ ਨਾਲ ਜੁੜੀ ਸਿੱਖਿਆ ਦੀ ਬਹੁਤ ਵੱਡੀ ਲੋੜ ਹੈ। ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਲਈ ਤਿਆਰ ਕਰਦੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਕਿਹਾ ਕਿ ਰਾਸ਼ਟਰੀ ਹੁਨਰ ਯੋਗਤਾ ਫਰਾਮਵਰਕ ਤਹਿਤ ਦਿੱਤੀ ਜਾ ਰਹੀ ਕਿੱਤਾ ਮੁਖੀ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲ ਰਹੇ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਹ ਮੁਕਾਬਲੇ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਏ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ, ਡੀਐਸਪੀ ਸੁਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਅਸ਼ਵਿੰਦਰ ਬਰਾੜ, ਅਰਵਿੰਦ ਗਰਗ, ਪਰਵਿੰਦਰ ਸਿੰਘ ਲਾਲਚੀਆਂ ਨਿਤਮਾ, ਅਕਸ਼ ਕੁਮਾਰ, ਮੈਡਮ ਰਜਨੀ ਜੱਗਾ, ਸਕੂਲ ਮੁਖੀ ਰਾਜੀਵ ਮੈਣੀ, ਰਾਕੇਸ਼ ਗਰੋਵਰ ਆਦਿ ਹਾਜ਼ਰ ਸਨ।