ਨੋਟੀਫਿਕੇਸ਼ਨ ਦੇ 6 ਮਹੀਨੇ ਬਾਅਦ ਵੀ 1007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਨਹੀਂ ਹੋਏ ਆਰਡਰ
ਨੋਟੀਫਿਕੇਸ਼ਨ ਦੇ 6 ਮਹੀਨਿਆਂ ਬਾਅਦ ਵੀ 1007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਾਂ ਦੇਣ ਤੇ 17 ਨੂੰ: ਸੰਦੀਪ ਕੰਬੋਜ਼
Publish Date: Sat, 07 Feb 2026 03:23 PM (IST)
Updated Date: Sat, 07 Feb 2026 03:26 PM (IST)

ਰਵੀ ਮੋਂਗਾ, ਪੰਜਾਬੀ ਜਾਗਰਣ ਗੁਰੂਹਰਸਹਾਏ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ 8 ਸਤੰਬਰ 2025 ਨੂੰ ਫੈਸਲਾ ਲੈਣ ਅਤੇ ਉਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕਰਨ ਦੇ 6 ਮਹੀਨੇ ਬੀਤਣ ਤੇ ਵੀ ਫੈਸਲੇ ਤੇ ਕੋਈ ਕਾਰਵਾਈ ਨਾ ਹੋਣਾ ਸੂਬੇ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਚਿਹਰਾ ਸਾਫ ਦਰਸਾਉਂਦਾ ਹੈ। ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 1007 ਨਾਨ ਟੀਚਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈਣ ਦੇ ਬਾਵਜੂਦ ਵੀ ਛੇ ਮਹੀਨਿਆਂ ਵਿਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਾਲ 2018 ਦੌਰਾਨ ਸਿੱਖਿਆ ਵਿਭਾਗ ਦੇ 8886 ਅਧਿਆਪਕਾਂ ਨੂੰ ਸਰਕਾਰ ਵੱਲੋਂ ਰੈਗੂਲਰ ਕੀਤਾ ਗਿਆ ਸੀ ਉਸ ਸਮੇਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਗਿਆ। ਸਮੱਗਰਾ ਦੇ ਨਾਨ ਟੀਚਿੰਗ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿਤਕਰੇ ਖਿਲਾਫ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਿਤਕਰੇ ਤੇ ਪੂਰੀ ਝਾੜ ਪਾਈ ਅਤੇ ਉਸ ਸਮੇਂ ਦੇ ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਅਦਾਲਤ ਵਿਚ ਪੇਸ਼ ਹੋ ਕੇ ਮੰਨਿਆ ਕਿ ਇਹ ਵਿਭਾਗੀ ਗਲਤੀ ਹੈ, ਇਸਨੂੰ ਦਰੁਸਤ ਕਰਕੇ ਅਧਿਆਪਕਾਂ ਦੀ ਤਰਜ ਤੇ ਸਮਾਨਤਾ ਦੇ ਅਧਿਕਾਰ ਅਨੁਸਾਰ ਨਾਨ ਟੀਚਿੰਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਫਿਰ ਰੈਗੂਲਰ ਦਾ ਨੋਟੀਫ਼ਿਕੇਸ਼ਨ ਕਰਨ ਸਮੇਂ ਅਦਾਲਤ ਦੀਆ ਕੀਤੀਆਂ ਟਿੱਪਣੀਆਂ ਨੂੰ ਦਰਕਿਨਾਰ ਕਰਦੇ ਹੋਏ ਫੈਸਲੇ ਨੂੰ ਤੋੜ ਮਰੋੜ ਕੇ ਕੀਤਾ ਗਿਆ ਜੋ ਕਿ ਅੱਜ ਤੱਕ ਲਾਗੂ ਨਹੀਂ ਹੋਇਆ। ਲੈਬ ਅਟੈਂਡਟ ਯੂਨੀਅਨ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ਼ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਤੇ ਸਹਿਮਤੀ ਕਰਦੀ ਹੈ, ਪਰ ਮੰਗਾਂ ਲਾਗੂ ਨਹੀਂ ਹੋ ਰਹੀਆਂ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ। ਪੂਰੇ ਪੰਜਾਬ ਦੇ ਸਮੱਗਰਾ ਦੇ ਨਾਨ ਟੀਚਿੰਗ ਮੁਲਾਜ਼ਮ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ ਲੈ ਕੇ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਅਤੇ ਡੀਪੀਆਈ ਦਫਤਰ ਦਾ ਘਿਰਾੳ ਕਰਨਗੇ ਅਤੇ ਮੰਗਾਂ ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਵੀ ਮਾਰਚ ਕਰਨਗੇ।