- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
16,500 ਮੈਗਾਵਾਟ ਦੀ ਬਿਜਲੀ ਮੰਗ, ਥਰਮਲਾਂ ’ਚ ਕੋਲਾ ਚਾਰ-ਛੇ ਦਿਨ ਦਾ!

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਪੰਜਾਬ ਵਿਚ ਵੱਧਦੀ ਬਿਜਲੀ ਦੀ ਮੰਗ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਟਦੀ ਉਪਲਬਧਤਾ ਨੇ ਸੂਬੇ ਦੀ ਬਿਜਲੀ ਵਿਵਸਥਾ ’ਤੇ ਵੱਡਾ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਇਸ ਗੰਭੀਰ ਸਥਿਤੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਉਂਦੇ ਸੋਮਵਾਰ ਨੂੰ ਸੂਬੇ ਭਰ ਦੇ ਬਿਜਲੀ ਘਰਾਂ ਅਤੇ ਗਰਿੱਡਾਂ ਅੱਗੇ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਮੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸਤੰਬਰ ਵਿੱਚ ਲਗਭਗ ਦੁੱਗਣੀ ਹੋ ਕੇ 16 ਹਜ਼ਾਰ ਮੈਗਾਵਾਟ ਤੋਂ ਪਾਰ ਪਹੁੰਚ ਗਈ ਹੈ। ਮੰਗ 16,500 ਮੈਗਾਵਾਟ ਤੱਕ ਪੁੱਜਣ ਦੇ ਬਾਵਜੂਦ ਬਿਜਲੀ ਉਤਪਾਦਨ ਅਤੇ ਕੋਲੇ ਦੀ ਸਪਲਾਈ ਸਬੰਧੀ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹਦੀ ਦਿਖਾਈ ਦੇ ਰਹੀ ਹੈ। ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਵਿੱਚ ਸਿਰਫ਼ ਚਾਰ ਦਿਨਾਂ ਦਾ ਕੋਲਾ ਬਾਕੀ ਰਹਿ ਗਿਆ ਹੈ, ਜਦਕਿ ਕੋਲੇ ਦੀ ਘਾਟ ਕਾਰਨ ਇੱਕ ਵੱਡਾ ਯੂਨਿਟ ਵੀ ਬੰਦ ਕਰਨਾ ਪਿਆ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਕੋਲ ਕੇਵਲ ਛੇ ਦਿਨਾਂ ਦਾ ਕੋਲਾ ਬਚਿਆ ਹੈ ਅਤੇ ਲੋੜੀਂਦੀ ਸਪਲਾਈ ਨਾ ਮਿਲਣ ਕਾਰਨ ਬਿਜਲੀ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਯੂਨਿਟ ਬੁਆਇਲਰ ਲੀਕ ਹੋਣ ਕਾਰਨ ਬੰਦ ਪਿਆ ਹੈ।ਉਨ੍ਹਾਂ ਕਿਹਾ ਕਿ ਜਦੋਂ ਬਿਜਲੀ ਦੀ ਮੰਗ ਰਿਕਾਰਡ ਪੱਧਰ ’ਤੇ ਪਹੁੰਚੀ ਹੋਈ ਹੈ, ਉਸ ਵੇਲੇ ਥਰਮਲ ਯੂਨਿਟਾਂ ਦਾ ਬੰਦ ਹੋਣਾ ਸਰਕਾਰ ਦੇ ਮਾੜੇ ਪ੍ਰਬੰਧਾਂ ਅਤੇ ਲਾਪ੍ਰਵਾਹੀ ਦਾ ਪ੍ਰਤੱਖ ਸਬੂਤ ਹੈ। ਇਸ ਦਾ ਸਭ ਤੋਂ ਵੱਧ ਖ਼ਮਿਆਜ਼ਾ ਪੇਂਡੂ ਖੇਤਰਾਂ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਲੰਮੇ ਬਿਜਲੀ ਕੱਟਾਂ ਕਾਰਨ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਆਮ ਲੋਕਾਂ ਦਾ ਜਨਜੀਵਨ ਵੀ ਮੁਸ਼ਕਲਾਂ ਵਿੱਚ ਘਿਰਿਆ ਹੋਇਆ ਹੈ। ਗੈਰੀ ਸਿੰਘ ਬੰਡਾਲਾ ਨੇ ਕਿਹਾ ਕਿ ਸਰਕਾਰ ਦੀ ਇਸ ਲੋਕ-ਵਿਰੋਧੀ ਕਾਰਗੁਜ਼ਾਰੀ ਖ਼ਿਲਾਫ਼ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਬਿਜਲੀ ਘਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਧਰਨਿਆਂ ਵਿੱਚ ਪਹੁੰਚ ਕੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ।