ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਹਮਾਇਤ ’ਚ ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਹਮਾਇਤ ’ਚ ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ
Publish Date: Tue, 08 Sep 2026 03:40 PM (IST)
Updated Date: Tue, 08 Sep 2026 03:43 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ :ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝੇ ਮੰਚ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਫਿਰੋਜ਼ਪੁਰ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਰੈਲੀ ਦੀ ਪ੍ਰਧਾਨਗੀ ਰਜਿੰਦਰ ਸ਼ਰਮਾ ਨੇ ਕੀਤੀ। ਗੇਟ ਰੈਲੀ ਰਜਿੰਦਰ ਸ਼ਰਮਾ ਨੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜ਼ੂਦਾ ਸਰਕਾਰ ਵੱਲੋਂ ਮੁਲਾਜ਼ਮ ਵਰਗ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਆਪਣੇ ਹੀ ਬਿਆਨਾਂ ਤੋਂ ਮੁਨਕਰ ਹੋ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਲਗਾਤਾਰ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੂੰ ਸੱਤਾ ਵਿਚ ਲਿਆਉਣ ਵਿਚ ਮੁਲਾਜ਼ਮ ਵਰਗ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹੀ ਮੁਲਾਜ਼ਮ ਵਰਗ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਦਾ ਕੰਮ ਕਰੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸੰਵਿਧਾਨਕ ਨਿਯਮਾਂ ਅਤੇ ਮਾਣਯੋਗ ਅਦਾਲਤਾਂ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਮੌਕੇ ਸਰਕਾਰ ਦੇ ਕਥਿਤ ਗਲਤ ਆਰਡਰਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਰੈਲੀ ਦੇ ਸਟੇਜ ਦੀ ਕਾਰਵਾਈ ਜਗਸੀਰ ਸਿੰਘ ਵੱਲੋਂ ਨਿਭਾਈ ਗਈ। ਇਸ ਰੈਲੀ ਨੂੰ ਤਰਸੇਮ ਕੁਮਾਰ, ਚਕਮੌਰ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ, ਰਮਨਦੀਪ ਸਿੰਘ, ਰਵੀ ਸ਼ਰਮਾ, ਕੁਲਵੰਤ ਸਿੰਘ, ਸ਼ਾਮ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।