ਦਫਤਰੀ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਦਫਤਰੀ ਕਰਮਚਾਰੀਆਂ ਤੇ ਲਾਠੀਚਾਰਜ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਪੱਗਾਂ ਲਾਹੁਣ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ ਇਕਾਈ
Publish Date: Fri, 27 Feb 2026 03:34 PM (IST)
Updated Date: Fri, 27 Feb 2026 03:37 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਐਲੀਮੈਂਟਰੀ ਟੀਚਰ ਯੂਨੀਅਨ ਰਜਿਸਟਰ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਜੀਤ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੇਵ ਸਿੰਘ ਗੁਰੂਹਰਸਹਾਏ, ਸੂਬਾਈ ਆਗੂ ਹਰਜਿੰਦਰ ਹਾਂਡਾ, ਚਰਨਜੀਤ ਸਿੰਘ ਫਰੀਦਕੋਟ, ਸੰਦੀਪ ਚੌਧਰੀ ਜਸਵੰਤ ਸ਼ੇਖੜਾ, ਸੁਰਜੀਤ ਸਿੰਘ, ਗੁਰਭੇਜ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਆਦਿ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਫ਼ੈਸਲੇ ਹੇਠ ਵੱਡੀ ਪੱਧਰ ਤੇ ਕੀਤੀ ਗਈ ਤਨਖਾਹ ਕਟੌਤੀ ਤੇ ਪਿਛਲੇ 20 ਸਾਲ ਦੀਆਂ ਸੇਵਾਵਾਂ ਖਤਮ ਕਰਨ ਤੇ ਦੁਬਾਰਾ ਤਿੰਨ ਸਾਲ ਦੇ ਲਈ ਪ੍ਰਬੇਸ਼ਣ ਸਮੇਂ ਵਿਚ ਲਿਆਉਣ ਆਦਿ ਮੰਗਾਂ ਨੂੰ ਲੈ ਕੇ ਡੀਪੀਆਈ ਸੈਕੰਡਰੀ ਤੇ ਦਫਤਰ ਮੋਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਦਫਤਰੀ ਕਰਮਚਾਰੀਆਂ ਤੇ ਲਾਠੀ ਚਾਰਜ ਕਰਨਾ, ਪਾਣੀ ਦੀਆਂ ਬੁਛਾੜਾਂ ਮਾਰਨ, ਪੱਗਾਂ ਲਾਹੁਣ ਦੇ ਸਬੰਧ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ਇਕਾਈ ਫਿਰੋਜ਼ਪੁਰ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਇਸ ਸਮੇਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਦਫਤਰੀ ਕਰਮਚਾਰੀਆਂ ਨੇ ਤਨਖਾਹ ਘੱਟ ਕਰ ਰਹੀ ਹੈ, ਉੱਥੇ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਤੋਂ ਵੀ ਰੋਕ ਰਹੀ ਹੈ ਜੋ ਕਿ ਉਨ੍ਹਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪਿਛਲੀਆਂ ਹੁਣ ਤੱਕ ਬਣੀਆਂ ਸਰਕਾਰਾਂ ਨੂੰ ਪਿੱਛੇ ਛੱਡਦੇ ਹੋਏ ਚਾਰ ਸਾਲਾਂ ਵਿਚ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਲੁੱਟਣ ਤੇ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਫਤਰੀ ਕਰਮਚਾਰੀਆਂ ਨੂੰ ਪਿਛਲੇ ਤਨਖਾਹ ਸਕੇਲ ਨੂੰ ਸੁਰੱਖਿਅਤ ਰੱਖ ਕੇ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਸਾਰੇ ਭੱਤਿਆਂ ਸਮੇਤ ਰੈਗੂਲਰ ਕਰਨ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਬਰ ਦੀ ਰਾਜਨੀਤੀ ਨੂੰ ਛੱਡ ਕੇ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤਰਜੀਹ ਦੇ ਕੇ ਪੂਰੀਆਂ ਕਰੇ।