ਗਰੀਬੀ ਦੀਆਂ ਜ਼ੰਜੀਰਾਂ ਤੋੜੇ ਬਿਨ੍ਹਾ ਬਾਲ ਮਜ਼ਦੂਰੀ ਦਾ ਖ਼ਾਤਮਾ ਅਸੰਭਵ
ਗਰੀਬੀ ਦੀਆਂ ਜ਼ੰਜੀਰਾਂ ਤੋੜੇ ਬਿਨ੍ਹਾ ਬਾਲ ਮਜ਼ਦੂਰੀ ਦਾ ਖ਼ਾਤਮਾ ਅਸੰਭਵ
Publish Date: Fri, 12 Jun 2026 04:20 PM (IST)
Updated Date: Fri, 12 Jun 2026 04:23 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਬਾਲ ਮਜ਼ਦੂਰੀ ਅੱਜ ਵੀ ਦੇਸ਼ ਦੇ ਸਾਹਮਣੇ ਖੜ੍ਹੀਆਂ ਸਭ ਤੋਂ ਗੰਭੀਰ ਸਮਾਜਿਕ ਚੁਣੌਤੀਆਂ ਵਿੱਚੋਂ ਇਕ ਹੈ। ਕਾਨੂੰਨੀ ਸਖ਼ਤੀ ਅਤੇ ਸਰਕਾਰੀ ਮੁਹਿੰਮਾਂ ਦੇ ਬਾਵਜੂਦ ਹਜ਼ਾਰਾਂ ਬੱਚੇ ਅਜੇ ਵੀ ਆਪਣਾ ਬਚਪਨ ਗੁਆ ਕੇ ਦੁਕਾਨਾਂ, ਢਾਬਿਆਂ, ਵਰਕਸ਼ਾਪਾਂ ਅਤੇ ਹੋਰ ਛੋਟੇ-ਵੱਡੇ ਕਾਰੋਬਾਰਾਂ ਵਿੱਚ ਮਿਹਨਤ ਕਰਨ ਲਈ ਮਜ਼ਬੂਰ ਹਨ। ਸਮਾਜ ਸੇਵੀਆਂ ਅਤੇ ਜਾਗਰੂਕ ਨਾਗਰਿਕਾਂ ਦਾ ਮੰਨਣਾ ਹੈ ਕਿ ਬਾਲ ਮਜ਼ਦੂਰੀ ਦਾ ਅਸਲ ਹੱਲ ਸਿਰਫ਼ ਕਾਨੂੰਨੀ ਕਾਰਵਾਈ ਨਹੀਂ, ਸਗੋਂ ਗਰੀਬੀ, ਬੇਰੁਜ਼ਗਾਰੀ ਅਤੇ ਆਰਥਿਕ ਅਸਮਾਨਤਾ ਨੂੰ ਦੂਰ ਕਰਨ ਵਿਚ ਲੁਕਿਆ ਹੋਇਆ ਹੈ। ਸਮਾਜਿਕ ਆਗੂਆਂ ਨੇ ਸਾਂਝੇ ਤੌਰ ’ਤੇ ਅਪੀਲ ਕੀਤੀ ਕਿ ਹਰ ਬੱਚੇ ਨੂੰ ਸਿੱਖਿਆ, ਸੁਰੱਖਿਆ ਅਤੇ ਸਨਮਾਨ ਨਾਲ ਭਰਪੂਰ ਬਚਪਨ ਦੇਣਾ ਸਾਡਾ ਨੈਤਿਕ ਫਰਜ਼ ਹੈ। ਜਦੋਂ ਤੱਕ ਗਰੀਬੀ ਅਤੇ ਮਜ਼ਬੂਰੀ ਦੀਆਂ ਜੜ੍ਹਾਂ ਨਹੀਂ ਕੱਟੀਆਂ ਜਾਂਦੀਆਂ, ਤਦ ਤੱਕ ਬਾਲ ਮਜ਼ਦੂਰੀ ਦੇ ਖ਼ਾਤਮੇ ਦਾ ਸੁਪਨਾ ਅਧੂਰਾ ਹੀ ਰਹੇਗਾ। ਪ੍ਰਸਿੱਧ ਸ਼ੈਲਰ ਕਾਰੋਬਾਰੀ ਅਤੇ ਆਰਟ ਆਫ ਲੀਵਿੰਗ ਦੇ ਅਪੈਕਸ ਮੈਂਬਰ ਅਮਰੀਕ ਸਿੰਘ ਅਹੂਜਾ ਨੇ ਕਿਹਾ ਕਿ ਬਾਲ ਮਜ਼ਦੂਰੀ ਦੀ ਜੜ੍ਹ ਪਰਿਵਾਰਾਂ ਦੀ ਆਰਥਿਕ ਤੰਗੀ ਹੈ। ਜਦੋਂ ਘਰ ਦਾ ਚੁੱਲ੍ਹਾ ਬਲਾਉਣਾ ਔਖਾ ਹੋ ਜਾਵੇ ਤਾਂ ਮਾਪੇ ਮਜ਼ਬੂਰੀ ਵਿਚ ਆਪਣੇ ਬੱਚਿਆਂ ਨੂੰ ਕੰਮ ’ਤੇ ਭੇਜਣ ਲਈ ਮਜ਼ਬੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੰਮ ਤੋਂ ਹਟਾਉਣ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ ਲਈ ਰੋਜ਼ਗਾਰ ਅਤੇ ਆਰਥਿਕ ਸਹਾਇਤਾ ਦੇ ਢੁਕਵੇਂ ਪ੍ਰਬੰਧ ਵੀ ਲਾਜ਼ਮੀ ਹਨ। ਕਰਿਆਨਾ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਭਾਟੀਆ ਨੇ ਕਿਹਾ ਕਿ ਬਾਲ ਮਜ਼ਦੂਰੀ ਖ਼ਿਲਾਫ਼ ਲੜਾਈ ਨੂੰ ਸਫਲ ਬਣਾਉਣ ਲਈ ਬੱਚਿਆਂ ਦੀ ਪੜ੍ਹਾਈ, ਕਿਤਾਬਾਂ, ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ, ਖੇਡਾਂ ਅਤੇ ਹੁਨਰ ਵਿਕਾਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸਮਾਜ ਸੇਵੀ ਜਸਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਬੱਚਿਆਂ ਨੂੰ ਸਹੀ ਦਿਸ਼ਾ ਅਤੇ ਸਿਹਤਮੰਦ ਮਾਹੌਲ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਖੇਡ ਮੈਦਾਨਾਂ ਅਤੇ ਸਿਖਲਾਈ ਕੇਂਦਰਾਂ ਨਾਲ ਜੁੜੇ ਬੱਚੇ ਨਾ ਸਿਰਫ਼ ਆਪਣਾ ਭਵਿੱਖ ਸੰਵਾਰਦੇ ਹਨ, ਸਗੋਂ ਦੇਸ਼ ਦੀ ਤਰੱਕੀ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਭਾਰਤ ਵਿਕਾਸ ਪਰਿਸ਼ਦ ਦੇ ਸਟੇਟ ਕੋਆਰਡੀਨੇਟਰ ਸਤਿੰਦਰ ਸਚਦੇਵਾ ਨੇ ਕਿਹਾ ਕਿ ਬਾਲ ਮਜ਼ਦੂਰੀ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ, ਸਗੋਂ ਬੱਚਿਆਂ ਦੇ ਬੁਨਿਆਦੀ ਅਧਿਕਾਰਾਂ ਦੀ ਵੀ ਅਣਦੇਖੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ, ਪੋਸ਼ਣ ਅਤੇ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮਿਲ ਕੇ ਅਜਿਹੇ ਬੱਚਿਆਂ ਦੀ ਪਛਾਣ ਕਰਨੀ ਚਾਹੀਦੀ ਹੈ ਜੋ ਮਜ਼ਦੂਰੀ ਕਰਨ ਲਈ ਮਜਬੂਰ ਹਨ, ਤਾਂ ਜੋ ਉਨ੍ਹਾਂ ਨੂੰ ਮੁੜ ਸਿੱਖਿਆ ਦੇ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਸਮਾਜ ਸੇਵੀ ਅੰਗਰੇਜ਼ ਸਿੰਘ ਅਟਵਾਲ ਨੇ ਕਿਹਾ ਕਿ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਸਮਰੱਥ ਵਿਅਕਤੀ ਇੱਕ ਲੋੜਵੰਦ ਬੱਚੇ ਦੀ ਸਿੱਖਿਆ ਦਾ ਜ਼ਿੰਮਾ ਚੁੱਕੇ ਤਾਂ ਕਈ ਬੱਚਿਆਂ ਦਾ ਭਵਿੱਖ ਸੰਵਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਹਨ ਅਤੇ ਉਨ੍ਹਾਂ ਨੂੰ ਮਜ਼ਦੂਰੀ ਨਹੀਂ, ਸਗੋਂ ਸਿੱਖਿਆ ਅਤੇ ਸੰਸਕਾਰਾਂ ਦਾ ਮਾਹੌਲ ਮਿਲਣਾ ਚਾਹੀਦਾ ਹੈ, ਤਾਂ ਜੋ ਉਹ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਬਣ ਸਕਣ।