ਪਲਾਸਟਿਕ ਪ੍ਰਦੂਸ਼ਣ ਤੇ ਦਰੱਖਤਾਂ ਦੀ ਕਟਾਈ ਬਣ ਰਹੀ ਚਿੰਤਾ ਦਾ ਵਿਸ਼ਾ ; ਡਾ. ਰੇਖਾ ਭੱਟੀ
ਪੀਐਚਸੀ ਨੂਰਪੁਰ ਸੇਠਾਂ ਵਿਖੇ ਵਾਤਾਵਰਣ ਜਾਗਰੂਕਤਾ ਕੈਂਪ, ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ
Publish Date: Sat, 06 Jun 2026 04:23 PM (IST)
Updated Date: Sat, 06 Jun 2026 04:26 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਾਤਾਵਰਣ ਦੀ ਵਿਗੜ ਰਹੀ ਸਥਿਤੀ ਤੇ ਵਧਦੇ ਪ੍ਰਦੂਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ (ਪੀਐੱਚਸੀ) ਨੂਰਪੁਰ ਸੇਠਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰੇਖਾ ਭੱਟੀ ਨੇ ਕਿਹਾ ਕਿ ਵੱਧ ਰਹੀ ਅਬਾਦੀ, ਤੇਜ਼ੀ ਨਾਲ ਹੋ ਰਿਹਾ ਸ਼ਹਿਰੀਕਰਨ, ਵਾਹਨਾਂ ਅਤੇ ਫੈਕਟਰੀਆਂ ਤੋਂ ਨਿਕਲਦਾ ਧੂੰਆਂ ਅਤੇ ਪਲਾਸਟਿਕ ਦੀ ਅੰਨ੍ਹੇਵਾਹ ਵਰਤੋਂ ਵਾਤਾਵਰਣ ਲਈ ਗੰਭੀਰ ਖਤਰਾ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਲੱਖਾਂ ਟਨ ਪਲਾਸਟਿਕ ਸਮੁੰਦਰੀ ਕੰਢਿਆਂ ਅਤੇ ਹੋਰ ਥਾਵਾਂ ’ਤੇ ਇਕੱਠਾ ਹੋ ਜਾਂਦਾ ਹੈ, ਜਿਸ ਨੂੰ ਨਸ਼ਟ ਹੋਣ ਵਿੱਚ ਸੈਂਕੜੇ ਸਾਲ ਲੱਗਦੇ ਹਨ। ਇਹ ਨਾ ਸਿਰਫ਼ ਵਾਤਾਵਰਣ, ਸਗੋਂ ਜੰਗਲੀ ਤੇ ਪਾਲਤੂ ਜਾਨਵਰਾਂ ਲਈ ਵੀ ਵੱਡਾ ਖਤਰਾ ਹੈ। ਸੀਨੀਅਰ ਹੈਲਥ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਸ਼ਹਿਰਾਂ ਦੇ ਲਗਾਤਾਰ ਫੈਲਾਅ ਕਾਰਨ ਵੱਡੀ ਗਿਣਤੀ ਵਿੱਚ ਦਰੱਖਤਾਂ ਦੀ ਕਟਾਈ ਹੋ ਰਹੀ ਹੈ, ਜਿਸ ਨਾਲ ਕੁਦਰਤੀ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਅਤੇ ਪ੍ਰਦੂਸ਼ਣ ਰੋਕਣ ਲਈ ਸਾਂਝੇ ਯਤਨ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਪ੍ਰਦੂਸ਼ਣ ਕਾਰਨ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਹੋ ਰਹੀ ਹੈ, ਜਿਸ ਨੂੰ ਸਾਂਝੀ ਜ਼ਿੰਮੇਵਾਰੀ ਨਾਲ ਹੀ ਰੋਕਿਆ ਜਾ ਸਕਦਾ ਹੈ। ਮਲਟੀਪਰਪਜ਼ ਹੈਲਥ ਵਰਕਰ ਪਰਵੀਰ ਸਿੰਘ ਨੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਸੀਐਚਓ ਕਰਮਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਸਾਫ਼-ਸੁਥਰੇ ਵਾਤਾਵਰਣ ਕਾਰਨ ਲੋਕ ਲੰਬੀ ਤੇ ਤੰਦਰੁਸਤ ਜ਼ਿੰਦਗੀ ਜੀਉਂਦੇ ਸਨ। ਉਨ੍ਹਾਂ ਸਾਈਕਲਿੰਗ ਅਤੇ ਵਾਤਾਵਰਣ ਪੱਖੀ ਆਦਤਾਂ ਅਪਣਾਉਣ ਦੀ ਵੀ ਅਪੀਲ ਕੀਤੀ। ਕੈਂਪ ਦੇ ਅੰਤ ਵਿੱਚ ਪੀਐਚਸੀ ਨੂਰਪੁਰ ਸੇਠਾਂ ਦੇ ਸਟਾਫ ਵੱਲੋਂ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਕਲਪ ਦਿਵਾਇਆ ਗਿਆ। ਇਸ ਮੌਕੇ ਸਮਪ੍ਰੀਤ ਏਐਨਐਮ, ਸੁਬੀਨਾ ਸਟਾਫ ਨਰਸ, ਰੋਮਾ, ਕਮਲ ਸੇਠੀ, ਪਵਨ ਕੁਮਾਰ, ਰਣਜੀਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।