ਈਟੀਟੀ ਅਧਿਆਪਕ ਯੂਨੀਅਨ ਵੱਲੋਂ ਹੁਸੈਨੀਵਾਲਾ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ
ਈਟੀਟੀ ਅਧਿਆਪਕ ਯੂਨੀਅਨ ਵੱਲੋਂ ਹੁਸੈਨੀਵਾਲਾ ਤੱਕ ਵਿਸ਼ਾਲ ਮੋਟਰਸਾਈਕਲ ਮਾਰਚ
Publish Date: Mon, 23 Mar 2026 05:25 PM (IST)
Updated Date: Mon, 23 Mar 2026 05:28 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਫ਼ਿਰੋਜ਼ਪੁਰ ਦੀ ਇਤਿਹਾਸਕ ਧਰਤੀ ’ਤੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਸਥਾਨਕ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਲੈ ਕੇ ਸ਼ਹੀਦਾਂ ਦੀ ਸਮਾਧ ਹੁਸੈਨੀਵਾਲਾ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ 2022 ਵਿਚ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਇਹ ਸਿਰਫ਼ ਕਾਗਜ਼ੀ ਐਲਾਨ ਹੀ ਸਾਬਤ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਵਰਗ ਹੁਣ ਸਰਕਾਰ ਦੀਆਂ ਲਾਰੇਬਾਜ਼ੀਆਂ ਨੂੰ ਹੋਰ ਬਰਦਾਸ਼ਤ ਨਹੀਂ ਕਰੇਗਾ। ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਕਿਹਾ ਕਿ ਇਸ ਲੜਾਈ ਵਿਚ ਹੋਰਨਾਂ ਜਥੇਬੰਦੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। ਮਾਰਚ ਵਿਚ ਪੂਰੇ ਪੰਜਾਬ ਤੋਂ ਅਧਿਆਪਕ ਸ਼ਾਮਲ ਹੋਏ, ਜਿਨ੍ਹਾਂ ਵਿਚ ਮਹਿਲਾ ਅਧਿਆਪਕਾਵਾਂ ਦੀ ਗਿਣਤੀ ਕਾਫੀ ਜ਼ਿਆਦਾ ਸੀ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਮੋਗਾ, ਗੁਰਪ੍ਰੀਤ ਸਿੰਘ ਬਰਾੜ, ਜਸਵਿੰਦਰ ਸਿੰਘ ਬਰਗਾੜੀ, ਅਨੂਪ ਸ਼ਰਮਾ, ਪੂਜਾ ਵੋਹਰਾ, ਗੁਰਵਿੰਦਰ ਕੌਰ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਆਗੂ ਮੌਜ਼ੂਦ ਸਨ। ਅਧਿਆਪਕਾਂ ਨੇ ਪ੍ਰਣ ਲਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸਰਕਾਰ ਵਿਰੁੱਧ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।